ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
ਸ਼ਹਿਰ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਘਟਣ ਦੇ ਨਾਲ-ਨਾਲ ਯੂਟੀ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ 31 ਅਗਸਤ ਤੱਕ ਜਾਰੀ ਰਹਿਣਗੀਆਂ। ਇਹ ਜਾਣਕਾਰੀ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਦਿੱਤੀ। ਦੱਸਣਯੋਗ ਹੈ ਕਿ ਪ੍ਰਸ਼ਾਸਨ ਨੇ ਸ਼ਹਿਰ ਵਿੱਚੋਂ ਤਾਲਾਬੰਦੀ ਹਟਾ ਦਿੱਤਾ ਸੀ ਪਰ ਦੁਕਾਨਾਂ ਨੂੰ ਸਵੇਰੇ 10 ਵਜੇ ਤੋਂ ਰਾਤ ਨੂੰ 9 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਸੁਖਨਾ ਝੀਲ ਸਣੇ ਹੋਟਲ/ਰੈਸਟੋਰੇਂਟ ਅਤੇ ਕਲੱਬ ਨੂੰ ਰਾਤ 10.30 ਵਜੇ ਤੱਕ 50 ਫ਼ੀਸਦੀ ਬੈਠਕ ਦੀ ਸਮਰੱਥਾ ਨਾਲ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਜਿਮ ਤੇ ਸਪਾ ਨੂੰ 50 ਫ਼ੀਸਦ ਸਮਰੱਥਾ ਨਾਲ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ। ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਵੱਲੋਂ ਕਰੋਨਾ ਦੀ ਤੀਜੀ ਲਹਿਰ ਦਾ ਖ਼ਦਸ਼ਾ ਜ਼ਾਹਿਰ ਕਰਦਿਆਂ ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਅਤੇ ਹਰ ਸਮੇਂ ਮਾਸਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਚੰਡੀਗੜ੍ਹ ਪੁਲੀਸ ਨੂੰ ਵੀ ਹਦਾਇਤ ਦਿੱਤੀ ਕਿ ਸ਼ਹਿਰ ਵਿਚ ਜਿਸ ਵਿਅਕਤੀ ਵੱਲੋਂ ਵੀ ਕਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਜਾਵੇ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇੇ। ਪ੍ਰਸ਼ਾਸਨ ਵੱਲੋਂ ਸੁਖਨਾ ਝੀਲ, ਰੌਕ ਗਾਰਡਨ ਅਤੇ ਹੋਰ ਭੀੜ ਵਾਲੀਆਂ ਥਾਵਾਂ ’ਤੇ ਸਖ਼ਤੀ ਲਈ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਲਈ ਥਾਂ-ਥਾਂ ’ਤੇ ਕੈਂਪ ਵੀ ਲਾਏ ਜਾ ਰਹੇ ਹਨ।