ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਨਵੰਬਰ
ਭਾਰਤੀ ਜਨਤਾ ਪਾਰਟੀ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਚੰਡੀਗੜ੍ਹ ਨਗਰ ਨਿਗਮ ਅਧੀਨ ਆਉਂਦਾ ਪਿੰਡ ਕਿਸ਼ਨਗੜ੍ਹ ਵਿਕਾਸ ਕਾਰਜਾਂ ਦੀ ਪੋਲ ਖੋਲ੍ਹ ਰਿਹਾ ਹੈ। ਖਸਤਾ ਹਾਲ ਸੜਕਾਂ ਅਤੇ ਸੀਵਰੇਜ ਸਮੱਸਿਆ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਇਲਾਕੇ ਵਿੱਚ ਪਿਛਲੇ ਕਈ ਸਾਲਾਂ ਤੋਂ ਨਵੀਂ ਸੜਕ ਨਹੀਂ ਬਣਾਈ ਗਈ ਜਦਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਨਵੀਆਂ ਸੜਕਾਂ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ।
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਰਾਜਾ, ਮੀਤ ਪ੍ਰਧਾਨ ਬਲਦੇਵ ਸਿੰਘ ਢਿੱਲੋਂ, ਟੀਟੂ ਬੈਂਸ, ਆਰਕੇ ਸ਼ਰਮਾ, ਦਿਲਬਾਗ ਸਿੰਘ, ਬਲਵਿੰਦਰ ਸਿੰਘ ਅਤੇ ਰਾਹੁਲ ਨੇ ਦੱਸਿਆ ਕਿ ਕਿਸ਼ਨਗੜ੍ਹ ਇਲਾਕੇ ਵਿੱਚ ਪਿਛਲੇ 10 ਸਾਲਾਂ ਤੋਂ ਸੜਕਾਂ ਨਹੀਂ ਬਣੀਆਂ ਹਨ, ਜਿਸ ਕਰ ਕੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਸੁਰਜੀਤ ਸਿੰਘ ਰਾਜਾ ਨੇ ਕਿਹਾ ਕਿ ਭਾਜਪਾ ਵੱਲੋਂ ਵਿਕਾਸ ਦੇ ਨਾਅ ’ਤੇ ਦਾਅਵੇ ਕੀਤੇ ਜਾ ਰਹੇ ਹਨ ਪਰ ਉਸ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ।
ਕਿਸ਼ਨਗੜ੍ਹ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਟੁੱਟੀਆਂ ਸੜਕਾਂ ਅਤੇ ਸੀਵਰੇਜ ਸਮੱਸਿਆ ਸਣੇ ਹੋਰਨਾਂ ਕਈ ਮੁਸ਼ਕਲਾਂ ਬਾਰੇ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਕਿਸੇ ਵੱਲੋਂ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸ਼ਨਗੜ੍ਹ ਨੂੰ ਨਗਰ ਨਿਗਮ ਅਧੀਨ ਲਿਆਉਂਦਿਆ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਸਨ ਪਰ ਕੋਈ ਕੰਮ ਨਹੀਂ ਹੋਇਆ। ਇਲਾਕਾ ਵਾਸੀਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਲਦ ਸੜਕਾਂ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਕਿਸ਼ਨਗੜ੍ਹ ਵਾਸੀ ਨਗਰ ਨਿਗਮ ਚੋਣਾਂ ਵਿੱਚ ਮੋੜਵਾਂ ਜਵਾਬ ਜ਼ਰੂਰ ਦੇਣਗੇ।