ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 21 ਜਨਵਰੀ
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਪਤਨੀ ਜਸਵੰਤ ਕੌਰ ਨੇ ਆਪਣੇ ਪਤੀ ਦੀ ਚੋਣ ਮੁਹਿੰਮ ਨੂੰ ਸੰਭਾਲਦੇ ਹੋਏ ਅੱਜ ਘਰ-ਘਰ ਜਾ ਕੇ ਵੋਟਾਂ ਮੰਗੀਆਂ ਅਤੇ ਸ਼ਹਿਰ ਦੀਆਂ ਔਰਤਾਂ ਨੂੰ ਦਿੱਲੀ ਸਰਕਾਰ ਦੇ ਮਾਡਲ ਤੋਂ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਉਹ ਬੀਬੀਆਂ ਦੇ ਵੱਡੇ ਕਾਫ਼ਲੇ ਨਾਲ ਇੱਥੋਂ ਦੇ ਸੈਕਟਰ-68 ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜਸਵੰਤ ਕੌਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਸਵੰਤ ਕੌਰ ਨੇ ਕਿਹਾ ਕਿ ਕੁਲਵੰਤ ਸਿੰਘ ਦੇ ਕਾਰਜਕਾਲ ਦੌਰਾਨ ਹੀ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ ਅਤੇ ਕਈ ਨਵੇਂ ਪ੍ਰਾਜੈਕਟ ਲਿਆਂਦੇ ਗਏ। ਇਸ ਮੌਕੇ ਆਜ਼ਾਦ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ, ਬੀਬੀ ਸਵਰਨ ਕੌਰ, ਬੀਬੀ ਭੁਪਿੰਦਰ, ਕੌਰ, ਕੁਲਵੀਰ ਕੌਰ, ਸੁਰਿੰਦਰ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ ਅਤੇ ਵੱਡੀ ਗਿਣਤੀ ਔਰਤਾਂ ਹਾਜ਼ਰ ਸਨ।