ਪੱਤਰ ਪ੍ਰੇਰਕ
ਕੁਰਾਲੀ, 3 ਅਪਰੈਲ
ਗੰਦੇ ਪਾਣੀ ਦੀ ਨਿਕਾਸੀ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਦੇ ਵਾਰਡ ਨੰਬਰ 12 ਦੇ ਵਸਨੀਕ ਪਿਛਲੇ ਕਾਫੀ ਸਮੇਂ ਤੋਂ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਵਾਰਡ ਵਾਸੀਆਂ ਨੇ ਵਿਕਾਸ ਦੇ ਪੱਖ ਤੋਂ ਵਾਰਡ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਉਂਦਿਆਂ ਇਸ ਨਰਕ ਤੋਂ ਖਹਿੜਾ ਛੁਡਵਾਇਆ ਜਾਵੇ।
ਸੜਕਾਂ ’ਤੇ ਖੜ੍ਹਾ ਗੰਦਾ ਪਾਣੀ ਦਿਖਾਉਂਦਿਆਂ ਵਾਰਡ ਵਾਸੀਆਂ ਸਤਨਾਮ ਸਿੰਘ, ਕਰਮਵੀਰ ਵਰਮਾ, ਮੁਕੇਸ਼ ਕੁਮਾਰ, ਜਤਿੰਦਰ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਰਿਹਾਇਸ਼ੀ ਕਲੋਨੀ ਵਿੱਚ ਲੰਬੇ ਅਰਸੇ ਤੋਂ ਗੰਦਾ ਪਾਣੀ ਜਮ੍ਹਾਂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਤੋਂ ਆਉਣ ਵਾਲੇ ਨਿਕਾਸੀ ਨਾਲਿਆਂ ਦੇ ਗੰਦੇ ਪਾਣੀ ਦੇ ਨਿਕਾਸ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਸਮੱਸਿਆ ਗੰਭੀਰ ਬਣੀ ਹੋਈ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਹ ਕਈ ਵਾਰ ਕੌਂਸਲ ਨੂੰ ਕਹਿ ਚੁੱਕੇ ਹਨ ਅਤੇ ਪਿਛਲੀ ਕਾਂਗਰਸ ਦੀ ਸਰਕਾਰ ਵੇਲੇ ਗੁਹਾਰ ਲਗਾਉਂਦੇ ਰਹੇ ਹਨ ਪਰ ਕਿਸੇ ਨੇ ਉਨ੍ਹਾਂ ਦੀ ਸਾਰ ਤੱਕ ਨਹੀਂ ਲਈ। ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਕਾਰਨ ਕਲੋਨੀ ਦੇ ਲੋਕ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਲਗਾਤਾਰ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨਾਲ ਲਗਾਤਾਰ ਵਿਤਕਰਾ ਹੁੰਦਾ ਆ ਰਿਹਾ ਹੈ।
ਵਾਰਡ ਕੌਂਸਲਰ ਖੁਸ਼ਵੀਰ ਸਿੰਘ ਹੈਪੀ ਨੇ ਦੱਸਿਆ ਕਿ ਉਹ ਆਜ਼ਾਦ ਤੌਰ ’ਤੇ ਚੋਣ ਜਿੱਤ ਕੇ ਕੌਂਸਲਰ ਬਣੇ ਹਨ, ਜਿਸ ਕਰ ਕੇ ਉਨ੍ਹਾਂ ਦੇ ਵਾਰਡ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਹਲਕਾ ਵਿਧਾਇਕ ਅਤੇ ਸਰਕਾਰ ਤੋਂ ਵਾਰਡ ਦੀ ਸਾਰ ਲੈਣ ਅਤੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।
ਕੌਂਸਲ ਪ੍ਰਧਾਨ ਨੇ ਵਿਤਕਰੇ ਦੇ ਦੋਸ਼ ਨਕਾਰੇ
ਉੱਧਰ, ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਵਿਤਕਰੇ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਸਾਰੇ ਸ਼ਹਿਰ ਦਾ ਵਿਕਾਸ ਬਿਨਾ ਵਿਤਕਰੇ ਤੋਂ ਹੋ ਰਿਹਾ ਹੈ ਜਦਕਿ ਕਾਰਜਸਾਧਕ ਅਫ਼ਸਰ ਸੰਗੀਤ ਕੁਮਾਰ ਨੇ ਕਿਹਾ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਮਸਲੇ ਦਾ ਹੱਲ ਕੱਢਿਆ ਜਾਵੇਗਾ।