ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਜ਼ਮੀਨਾਂ ਦੇ ਕੁਲੈਕਟਰ ਰੇਟ ਮੁਹਾਲੀ ਅਤੇ ਪੰਚਕੂਲਾ ਨਾਲੋਂ ਵੱਧ ਹੋਣ ਕਰਕੇ ਯੂਟੀ ਪ੍ਰਸ਼ਾਸਨ ਕੁਲੈਕਟਰ ਰੇਟ ਘਟਾਉਣ ਬਾਰੇ ਵਿਚਾਰ ਕਰ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਸ੍ਰੀ ਧਰਮਪਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚਲੀ ਜ਼ਮੀਨਾਂ ਦੇ ਕੁਲੈਕਟਰ ਰੇਟ ਘਟਾਉਣ ਸਬੰਧੀ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੂੰ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਦੀ ਰਿਪੋਰਟ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਸਿਟੀ ਬਿਊਟੀਫੁੱਲ ਵਿੱਚ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਲਗਾਤਾਰ ਜ਼ਮੀਨਾਂ ਦਾ ਕੁਲੈਕਟਰ ਰੇਟ ਘਟਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਕੁਲੈਕਟਰ ਰੇਟ ਵੱਧ ਹੋਣ ਕਰਕੇ ਆਮ ਲੋਕਾਂ ਨੂੰ ਜ਼ਮੀਨਾਂ ਦੀ ਖਰੀਦੋ-ਫਰੋਖਤ ਕਰਨ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕੁਲੈਕਟਰ ਰੇਟ ਵੱਧ ਹੋਣ ਕਰਕੇ ਚੰਡੀਗੜ੍ਹ ਹਾਉੂਸਿੰਗ ਬੋਰਡ ਦੀਆਂ ਪ੍ਰਾਪਰਟੀਆਂ ਵੀ ਨਹੀਂ ਵਿਕ ਰਹੀਆਂ। ਇਸ ਲਈ ਸੀਐੱਚਬੀ ਨੂੰ ਵਾਰ-ਵਾਰ ਬੋਲੀ ਲਗਾਉਣੀ ਪੈ ਰਹੀ ਹੈ। ਦੱਸਣਯੋਗ ਹੈ ਕਿ ਯੂਟੀ ਪ੍ਰਸ਼ਾਸਨ ਵੱਲੋਂ ਕਰੋਨਾ ਮਹਾਮਾਰੀ ਦੇ ਸਮੇਂ ਵੀ ਸ਼ਹਿਰ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਜ਼ਮੀਨਾਂ ਦੇ ਭਾਅ ਵਿੱਚ ਫੇਰਬਦਲ ਕੀਤਾ ਗਿਆ ਸੀ।