ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 15 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਨੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲੀਆਂ ਚਾਰ ਇਮੀਗ੍ਰੇਸ਼ਨ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ। ਜਿਨ੍ਹਾਂ ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ, ਉਨ੍ਹਾਂ ’ਚ ਗੁਨਵੀਰ ਇਮੀਗ੍ਰੇਸ਼ਨ, ਫਲਾਈ ਰੂਟਸ, ਸੇਫ਼ ਹੈਂਡ ਇਮੀਗ੍ਰੇਸ਼ਨ ਐਂਡ ਸਟੱਡੀਜ਼ ਤੇ ਰਾਈਟਵੇਅ ਇਮੀਗ੍ਰੇਸ਼ਨ ਐਂਡ ਸਰਵਿਸਿਜ਼ ਕੰਸਲਟੈਂਸੀ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਕਈ ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ। ਮੁਹਾਲੀ ਜ਼ਿਲ੍ਹੇ ਵਿੱਚ ਕਈ ਇਮੀਗ੍ਰੇਸ਼ਨ ਕੰਪਨੀਆਂ ਬੇਨਾਮੀ ਮਾਲਕਾਂ ਦੇ ਨਾਮ ’ਤੇ ਚੱਲ ਰਹੀਆਂ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਨ੍ਹਾਂ ਫ਼ਰਮਾਂ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਦੇ ਆਧਾਰ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਲਾਇਸੈਂਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫ਼ਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਅਧਿਕਾਰੀ ਨੇ ਉਕਤ ਫ਼ਰਮਾਂ ਦੇ ਮੁਖੀਆਂ ਨੂੰ ਆਪਣਾ ਕੰਮ ਮੁਕੰਮਲ ਤੌਰ ’ਤੇ ਬੰਦ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਐਕਟ, ਰੂਲਜ਼ ਮਤਾਬਕ ਕਿਸੇ ਵੀ ਕਿਸਮ ਦੀ ਫਰਮ ਦੇ ਖ਼ਿਲਾਫ਼ ਕੋਈ ਵੀ ਸ਼ਿਕਾਇਤ ਦਾ ਉਕਤ ਲਾਇਸੈਂਸੀ, ਫ਼ਰਮਾਂ ਦੇ ਹਿੱਸੇਦਾਰ ਜ਼ਿੰਮੇਵਾਰ ਹੋਣਗੇ ਤੇ ਇਸ ਦੀ ਭਰਪਾਈ ਕਰਨ ਦੇ ਪਾਬੰਦ ਹੋਣਗੇ।