ਸੰਜੀਵ ਬੱਬੀ
ਚਮਕੌਰ ਸਾਹਿਬ, 13 ਅਕਤੂਬਰ
ਚਮਕੌਰ ਸਾਹਿਬ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ ਪਰ ਮੰਡੀਆਂ ਵਿੱਚ ਖਰੀਦ ਕੀਤੇ ਗਏ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗਣਗੇ ਸ਼ੁਰੂ ਹੋ ਗਏ ਹਨ, ਕਿਉਂਕਿ ਖਰੀਦ ਏਜੰਸੀਆਂ ਵੱਲੋਂ ਬੋਰੀਆਂ ਦੀ ਲਿਫਟਿੰਗ ਨਾ ਕਰਾਉਣ ਕਾਰਨ ਲੱਖਾਂ ਬੋਰੀਆਂ ਖੁੱਲ੍ਹੇ ਆਸਮਾਨ ਹੇਠ ਪਈਆਂ ਹਨ ਅਤੇ ਕਿਸਾਨਾਂ ਨੂੰ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ ਅਜੇ ਤੱਕ ਅਦਾਇਗੀ ਵੀ ਨਹੀਂ ਕੀਤੀ ਗਈ। ਮਾਰਕੀਟ ਕਮੇਟੀ ਦੇ ਅਧਿਕਾਰੀ ਹਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਚਮਕੌਰ ਸਾਹਿਬ, ਬੇਲਾ, ਗੱਗੋਂ, ਹਾਫਿਜ਼ਾਬਾਦ ਅਤੇ ਬਸੀ ਗੁੱਜਰਾਂ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ ਲਿਫਟਿੰਗ ਦੀ ਸੁਸਤ ਰਫ਼ਤਾਰ ਕਾਰਨ 2 ਲੱਖ ਤੋਂ ਵੱਧ ਝੋਨੇ ਦੀਆਂ ਬੋਰੀਆਂ ਖੁੱਲ੍ਹੇ ਆਸਮਾਨ ਹੇਠ ਪਈਆਂ ਹਨ। ਉਨ੍ਹਾਂ ਦੱਸਿਆ ਕਿ ਚਮਕੌਰ ਸਾਹਿਬ ਮੰਡੀ ਵਿੱਚ ਇਨ੍ਹਾਂ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀਆਂ 1,65,385 ਬੋਰੀਆਂ ਪਈਆਂ ਹਨ। ਮਾਰਕੀਟ ਕਮੇਟੀ ਦੇ ਸੈਕਟਰੀ ਅਵਤਾਰ ਸਿੰਘ ਨੇ ਕਿਹਾ ਕਿ ਉਕਤ ਮੰਡੀਆਂ ’ਚੋਂ ਹਜ਼ਾਰਾਂ ਬੋਰੀਆਂ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਨੂੰ ਤਾੜਨਾ ਕੀਤੀ ਗਈ ਹੈ ਕਿ ਰਹਿੰਦੀਆਂ ਬੋਰੀਆਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ।
ਐੱਸ.ਏ.ਐੱਸ. ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਇੱਥੋਂ ਦੇ ਪਿੰਡ ਚੱਪੜਚਿੜੀ ਜੰਗੀ ਯਾਦਗਾਰ ਅਤੇ ਭਾਗੋਮਾਜਰਾ ਸਮੇਤ ਮੁਹਾਲੀ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਅਤੇ ਝੋਨੇ ਦੀ ਖ਼ਰੀਦ ਲਈ ਵਿਸ਼ੇਸ਼ ਤੌਰ ’ਤੇ ਸਥਾਪਤ ਕੀਤੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੇ ਕੰਮ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਸਮੂਹ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ
ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ
ਖਰੜ (ਸ਼ਸ਼ੀ ਪਾਲ ਜੈਨ): 29 ਸਤੰਬਰ ਤੋਂ ਅੱਜ ਤੱਕ ਜੋ ਵੀ ਝੋਨਾ ਕਿਸਾਨ ਮੰਡੀ ਵਿੱਚ ਲੈ ਕੇ ਆਏ, ਉਸ ਦਾ ਇੱਕ ਰੁਪਇਆ ਵੀ ਆੜ੍ਹਤੀਆਂ ਨੂੰ ਨਹੀਂ ਮਿਲਿਆ ਹੈ ਅਤੇ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਅਦਾਇਗੀ ਕਰਨ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਸੁਨੀਲ ਅਗਰਵਾਲ, ਚੇਅਰਮੈਨ ਰਾਜੇਸ਼ ਸੂਦ ਆਦਿ ਨੇ ਦੱਸਿਆ ਕਿ ਖਰੜ ’ਚ ਪਨਸਪ, ਮਾਰਕਫੈੱਡ ਅਤੇ ਪੰਜਾਬ ਵੇਅਰਹਾਊਸ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਭਾਵੇਂ ਝੋਨਾ ਖਰੀਦ ਲਿਆ ਪਰ ਅੱਜ ਤੱਕ ਉਸ ਦੀ ਇਕ ਰੁਪਇਆ ਅਦਾਇਗੀ ਨਹੀਂ ਕੀਤੀ।