ਪੰਚਕੂਲਾ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਲੰਪੀ ਸਕਿਨ ਕਾਰਨ ਪਸ਼ੂ ਮੇਲੇ ਨਹੀਂ ਲੱਗਣਗੇ। ਜ਼ਿਲ੍ਹੇ ਵਿੱਚ 1500 ਪਸ਼ੂ ਇਸ ਬਿਮਾਰੀ ਨਾਲ ਪ੍ਰਭਾਵਿਤ ਹਨ, ਜਿਨ੍ਹਾਂ ਵਿੱਚੋਂ 375 ਪਸ਼ੂ ਹੁਣ ਤੱਕ ਠੀਕ ਹੋ ਚੁੱਕੇ ਹਨ। ਪੰਚਕੂਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਟਰਾਂਸਪੋਰਟ ਰਾਹੀਂ ਢੋਆ-ਢੋਆਈ ਉੱਤੇ ਰੋਕ ਲਗਾ ਦਿੱਤੀ ਗਈ ਹੈ। ਪਸ਼ੂ ਪਾਲਣ ਵਿਭਾਗ ਵੱਲੋਂ 18 ਟੀਮਾਂ ਬਣਾਈਆਂ ਗਈਆਂ ਹਨ, ਜਿਹੜੀਆਂ ਗਊਸ਼ਾਲਾਵਾਂ ਵਿੱਚ ਜਾ ਕੇ ਪਸ਼ੂਆਂ ਨੂੰ ਚੈੱਕ ਕਰਨਗੀਆਂ। ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ਿਕ ਨੇ ਦੱਸਿਆ ਕਿ ਹੁਣ ਤੱਕ 4000 ਤੋਂ ਵੱਧ ਪਸ਼ੂਆਂ ਨੂੰ ਬਿਮਾਰੀ ਦੀ ਰੋਕਥਾਮ ਲਈ ਟੀਕੇ ਲਗਾਏ ਜਾ ਚੁੱਕੇ ਹਨ।
ਪੀੜਤ ਪਸ਼ੂ ਪਾਲਕਾਂ ਨੂੰ ਮੁਆਵਜ਼ਾ ਦੇਣ ਦੀ ਮੰਗ
ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੰਪੀ ਸਕਿਨ ਬਿਮਾਰੀ ਨਾਲ ਮਾਰੇ ਗਏ ਪਸ਼ੂਆਂ ਦੇ ਮਾਲਕਾਂ ਨੂੰ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਅੱਜ ਇੱਥੇ ਜਾਰੀ ਬਿਆਨ ਵਿੱਚ ਹਰਕੇਸ਼ ਚੰਦ ਸ਼ਰਮਾ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਦੁਧਾਰੂ ਪਸ਼ੂ ਇਸ ਨਾਮੁਰਾਦ ਬਿਮਾਰੀ ਦੀ ਭੇਟ ਚੜ੍ਹ ਚੁੱਕੇ ਹਨ, ਜਿਸ ਕਾਰਨ ਪਸ਼ੂ ਪਾਲਕਾਂ ਦਾ ਕਾਫ਼ੀ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਕਿ ਇਸ ਔਖੇ ਸਮੇਂ ਵਿੱਚ ਪਸ਼ੂ ਪਾਲਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।