ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 22 ਅਕਤੂਬਰ
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ 6 ਸੁਪਰ ਸੀਡਰ ਮਸ਼ੀਨਾਂ ਸੌਂਪੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਲੋੜੀਂਦੀ ਮਸ਼ੀਨਰੀ ਜਿਵੇਂ ਸੁਪਰ ਐਸਐਮਐਸ, ਉਲਟਾਵਾਂ ਹੱਲ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ ਆਦਿ ਕਿਸਾਨ ਗਰੁੱਪਾਂ, ਵਿਅਕਤੀਗਤ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਲਗਪਗ 40 ਲੱਖ ਰੁਪਏ ਦੀ ਲਾਗਤ ਨਾਲ 17 ਸੁਪਰ ਸੀਡਰ ਮਸ਼ੀਨਾਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਹਿਕਾਰੀ ਸਭਾਵਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਇਸ ਦੇ ਪਹਿਲੇ ਪੜਾਅ ਅਧੀਨ ਪਿੰਡ ਭਾਗੋਮਾਜਰਾ, ਘੜੂੰਆਂ, ਦੱਪਰ, ਕੁਰਲੀ, ਹੁਲਕਾ ਅਤੇ ਮਾਣਕਪੁਰ ਸ਼ਰੀਫ਼ ਦੀਆਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ 6 ਸੁਪਰ ਸੀਡਰ ਮਸ਼ੀਨਾਂ ਦਿੱਤੀਆਂ ਗਈਆਂ। ਇਸ ਸਬੰਧੀ ਇੱਥੋਂ ਦੇ ਇਤਿਹਾਸਕ ਪਿੰਡ ਚੱਪੜਚਿੜੀ ਖ਼ੁਰਦ ਵਿੱਚ ਮਸ਼ੀਨ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਕਿਸਾਨਾਂ ਵੱਲੋਂ ਬਹੁਤ ਹੀ ਸੁਚੱਜੇ ਤਰੀਕੇ ਨਾਲ ਪਰਾਲੀ ਦੀ ਸੰਭਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਕਿਸਾਨਾਂ ਵੱਲੋਂ ਯੋਗਦਾਨ ਪਾਇਆ ਜਾ ਰਿਹਾ ਹੈ।