ਪੱਤਰ ਪ੍ਰੇਰਕ
ਕੁਰਾਲੀ, 2 ਨਵੰਬਰ
ਨੇੜਲੇ ਇਤਿਹਾਸਕ ਪਿੰਡ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਪ੍ਰਬੰਧਕੀ ਬਲਾਕ ਦੇ ਉਦਘਾਟਨ ਸਬੰਧੀ ਸਮਾਗਮ ਪ੍ਰਿੰਸੀਪਲ ਇਕਬਾਲ ਕੌਰ ਦੀ ਦੇਖਰੇਖ ਹੇਠ ਕਰਵਾਇਆ ਗਿਆ। ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਅਤਿ-ਆਧੁਨਿਕ ਸਹੂਲਤਾਂ ਵਾਲੇ ਪ੍ਰਬੰਧਕੀ ਬਲਾਕ ਦਾ ਉਦਘਾਟਨ ਕਰਦਿਆਂ ਤਿਵਾੜੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਨੂੰ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਬਚਨਵੱਧ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਸਹੂਲਤਾਂ ਅਤੇ ਮਿਆਰ ਦੇ ਪੱਖ ਤੋਂ ਪ੍ਰਾਈਵੇਟ ਸਕੂਲਾਂ ਤੋਂ ਕਿਸੇ ਪੱਖ ਤੋਂ ਵੀ ਘੱਟ ਨਹੀਂ ਹਨ। ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਪਿਛਲੇ ਦਿਨੀਂ ਸਮਾਰਟ ਸਕੂਲ ਬਣਾਇਆ ਗਿਆ ਹੈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਮਨੀਸ਼ ਤਿਵਾੜੀ, ਰਾਣਾ ਕੁਸ਼ਲਪਾਲ ਅਤੇ ਯਾਦਵਿੰਦਰ ਸਿੰਘ ਬੰਨੀ ਕੰਗ ਨੇ ਸਕੂਲ ਦਾ ਨਾਂ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪਵਨ ਦੀਵਾਨ, ਨਵੀਨ ਬਾਂਸਲ, ਸਰਪੰਚ ਜਸਵੀਰ ਕੌਰ, ਸਰਪੰਚ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।