ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 14 ਅਕਤੂਬਰ
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੀ ਚੁੱਪੀ ਤੋੜਦਿਆਂ ਅੱਜ ਸਥਾਨਕ ਸਰਕਾਰਾਂ ਵਿਭਾਗ ਕੋਲ ਆਪਣਾ ਪੱਖ ਰੱਖਦਿਆਂ ਪੰਜ ਪੰਨਿਆਂ ਦਾ ਜਵਾਬ ਦਾਖ਼ਲ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕੁਝ ਦਿਨ ਪਹਿਲਾਂ ਮੇਅਰ ਜੀਤੀ ਸਿੱਧੂ ਨੂੰ ਅਹੁਦੇ ਦੀ ਦੁਰਵਰਤੋਂ ਅਤੇ ਨਿੱਜੀ ਲਾਭ ਲੈਣ ਦੇ ਦੋਸ਼ ਹੇਠ ‘ਕਾਰਨ ਦੱਸੋ’ ਨੋਟਿਸ ਜਾਰੀ ਕਰ ਕੇ 15 ਦਿਨਾਂ ਦੇ ਅੰਦਰ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਸੀ ਪ੍ਰੰਤੂ ਮੇਅਰ ਨੋਟਿਸ ਦਾ ਜਵਾਬ ਦੇਣ ਦੀ ਥਾਂ ਹਾਈ ਕੋਰਟ ਦੀ ਸ਼ਰਨ ਵਿੱਚ ਚਲੇ ਗਏ ਸਨ। ਲੇਕਿਨ ਉੱਚ ਅਦਾਲਤ ਨੇ ਉਨ੍ਹਾਂ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰਦਿਆਂ 15 ਦਿਨ ਦੇ ਨਿਰਧਾਰਿਤ ਸਮੇਂ ਵਿੱਚ ਸਰਕਾਰ ਨੂੰ ਨੋਟਿਸ ਦਾ ਜਵਾਬ ਭੇਜਣ ਦੀ ਸਲਾਹ ਦਿੱਤੀ ਸੀ।
ਇਸ ਤਰ੍ਹਾਂ ਜੀਤੀ ਸਿੱਧੂ ਵੱਲੋਂ ਅੱਜ ਨੋਟਿਸ ਦਾ ਜਵਾਬ ਦੇ ਦਿੱਤਾ ਗਿਆ ਜਿਸ ਵਿੱਚ ਉਸ ਨੇ ਕਿਹਾ ਕਿ ਉਸ ਖ਼ਿਲਾਫ਼ ਸ਼ਿਕਾਇਤ ਵਿੱਚ ਜੋ ਦੋਸ਼ ਲਗਾਏ ਗਏ ਹਨ, ਉਹ ਸਿਆਸਤ ਤੋਂ ਪ੍ਰੇਰਿਤ ਹਨ ਜਦੋਂ ਕਿ ਸੱਚਾਈ ਇਹ ਹੈ ਕਿ ਨਗਰ ਨਿਗਮ ਵੱਲੋਂ ਸਾਰੇ ਕੰਮ ਮੈਰਿਟ ਦੇ ਆਧਾਰ ’ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਹਨ।
ਮੇਅਰ ਨੇ ਨੋਟਿਸ ਦੇ ਜਵਾਬ ਵਿੱਚ ਕਿਹਾ ਕਿ ਉਸ ਨੇ ਅੰਮ੍ਰਿਤਪ੍ਰੀਤ ਕੋਆਪਰੇਟਿਵ ਸੁਸਾਇਟੀ (ਜਿਸ ਦੇ ਉਹ ਖ਼ੁਦ ਵੀ ਮੈਂਬਰ ਹਨ) ਤੋਂ ਕਦੇ ਵੀ ਕੋਈ ਵਿੱਤੀ ਲਾਭ ਨਹੀਂ ਲਿਆ ਅਤੇ ਇਸ ਸੁਸਾਇਟੀ ਨੂੰ ਜਿਹੜੇ ਕੰਮਾਂ ਦੇ ਟੈਂਡਰ ਅਲਾਟ ਕੀਤੇ ਗਏ, ਉਨ੍ਹਾਂ ਲਈ ਉਸ ਨੇ ਕਦੇ ਵੀ ਕੋਈ ਸਿਫ਼ਾਰਿਸ਼ ਨਹੀਂ ਕੀਤੀ, ਸਗੋਂ ਸਬੰਧਤ ਸਾਰੇ ਕੰਮ ਮਿੱਥੀ ਪ੍ਰਕਿਰਿਆ ਤਹਿਤ ਕੀਤੇ ਗਏ ਹਨ। ਸਿਆਸੀ ਵਿਰੋਧੀਆਂ ਵੱਲੋਂ ਉਸ ’ਤੇ ਪੱਖਪਾਤ ਸਬੰਧੀ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ, ਇਸ ਲਈ ਉਨ੍ਹਾਂ ਨੂੰ ਜਾਰੀ ਨੋਟਿਸ ਖ਼ਾਰਜ ਕੀਤਾ ਜਾਵੇ।
ਸ਼ਿਕਾਇਤ ਅਨੁਸਾਰ ਮੇਅਰ ਜੀਤੀ ਸਿੱਧੂ ਜੋ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੇ ਚੇਅਰਮੈਨ ਅਤੇ ਅੰਮ੍ਰਿਤਪ੍ਰੀਤ ਕੋਆਪਰੇਟਿਵ ਸੁਸਾਇਟੀ ਮੈਂਬਰ ਵੀ ਹਨ, ਨੇ ਇਸ ਸੁਸਾਇਟੀ ਨੂੰ ਵਿਕਾਸ ਕਾਰਜਾਂ ਦੇ ਟੈਂਡਰ ਅਲਾਟ ਕੀਤੇ ਸਨ। ਅਜਿਹਾ ਕਰ ਕੇ ਉਨ੍ਹਾਂ ਨੇ ਪੰਜਾਬ ਮਿਉਂਸਿਪਲ ਐਕਟ 1976 ਦੀ ਧਾਰਾ 63 ਦੀ ਉਲੰਘਣਾ ਕੀਤੀ ਹੈ ਕਿਉਂਕਿ ਕੋਈ ਵੀ ਕੌਂਸਲਰ ਅਜਿਹੇ ਕਿਸੇ ਫੈਸਲੇ ਵਿੱਚ ਸ਼ਾਮਲ ਨਹੀਂ ਹੋ ਸਕਦਾ ਜਿਸ ਨਾਲ ਉਸ ਦਾ ਕੋਈ ਸਿੱਧਾ ਜਾਂ ਅਸਿੱਧਾ ਹਿੱਤ ਜੁੜਿਆ ਹੋਇਆ ਹੋਵੇ। ਉਸ ਵੱਲੋਂ ਵਿੱਤ ਤੇ ਠੇਕਾ ਕਮੇਟੀ ਦੇ ਚੇਅਰਮੈਨ ਵਜੋਂ ਅੰਮ੍ਰਿਤਪ੍ਰੀਤ ਕੋਆਪਰੇਟਿਵ ਸੁਸਾਇਟੀ ਨੂੰ ਵਿਕਾਸ ਕਾਰਜਾਂ ਦੇ ਟੈਂਡਰ ਜਾਰੀ ਕਰ ਕੇ ਮਿਉਂਸਿਪਲ ਐਕਟ ਦੀ ਧਾਰਾ 63 ਦੀ ਉਲੰਘਣਾ ਕੀਤੀ ਹੈ ਅਤੇ ਪੰਜਾਬ ਮਿਉਂਸਿਪਲ ਐਕਟ ਦੀ ਧਾਰਾ 36 (1) ਅਨੁਸਾਰ ਧਾਰਾ 63 ਦੀ ਉਲੰਘਣਾ ਹੋਣ ’ਤੇ ਕੌਂਸਲਰ ਨੂੰ ਅਹੁਦੇ ਤੋਂ ਲਾਂਭੇ ਕਰਨ ਦਾ ਉਪਬੰਧ ਹੈ। ਨੋਟਿਸ ਵਿੱਚ ਕਿਹਾ ਸੀ ਕਿ ਮੇਅਰ ਵਿਰੁੱਧ ਤਜਵੀਜ਼ਤ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਵੱਲੋਂ ਦਿੱਤੇ ਜਵਾਬ/ਸਪੱਸ਼ਟੀਕਰਨ ’ਤੇ ਵਿਚਾਰ ਕੀਤਾ ਜਾਵੇਗਾ।