ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 12 ਨਵੰਬਰ
ਯੂਟੀ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਮਿਡ-ਡੇਅ ਮੀਲ ਅਗਲੇ ਸਾਲ ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਸਿੱਖਿਆ ਸਕੱਤਰ ਵੱਲੋਂ ਡਾਇਰੈਕਟਰ ਸਿਹਤ ਨਾਲ ਮੀਟਿੰਗ ਕਰਕੇ ਕਰੋਨਾ ਹਾਲਾਤ ਤੇ ਮਿਡ-ਡੇਅ ਮੀਲ ਸ਼ੁਰੂ ਕਰਨ ਸਬੰਧੀ ਜਾਇਜ਼ਾ ਲਿਆ ਗਿਆ। ਇਸ ਵਾਰ ਮਿਡ-ਡੇਅ ਮੀਲ ਵਿੱਚ ਨਵੇਂ ਪਕਵਾਨ ਪਰੋਸੇ ਜਾਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ਡੀਈਓ ਦਫ਼ਤਰ ਵੱਲੋਂ ਸਕੂਲਾਂ ਤੋਂ ਵਿਦਿਆਰਥੀਆਂ ਦੀ ਗਿਣਤੀ ਤੇ ਹੋਰ ਵੇਰਵੇ ਵੀ ਮੰਗ ਲਏ ਗਏ ਹਨ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਤੋਂ ਬਾਅਦ ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ ਮੀਲ ਬੰਦ ਹੋ ਗਿਆ ਸੀ। ਹੁਣ ਹਾਲਾਤ ਠੀਕ ਹੋ ਗਏ ਹਨ ਤੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਵੀ ਵਧ ਗਈ ਹੈ ਜਿਸ ਕਾਰਨ ਸਕੂਲ ਮੁਖੀਆਂ ਤੇ ਵਿਦਿਆਰਥੀਆਂ ਦੀ ਮੰਗ ਆਉਣ ਤੋਂ ਬਾਅਦ ਸਿੱਖਿਆ ਸਕੱਤਰ ਸਰਪ੍ਰੀਤ ਸਿੰਘ ਗਿੱਲ ਵੱਲੋਂ ਡਾਇਰੈਕਟਰ ਹੈਲਥ ਤੇ ਹੋਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਮਿਡ ਡੇਅ ਮੀਲ ਸ਼ੁਰੂ ਕਰਨ ’ਤੇ ਚਰਚਾ ਕੀਤੀ। ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸ਼ਹਿਰ ਦੇ 114 ਸਰਕਾਰੀ ਸਕੂਲਾਂ ਦੇ 1.16 ਲੱਖ ਦੇ ਕਰੀਬ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਦੇਣ ਦੀ ਯੋਜਨਾ ਹੈ। ਸਿੱਖਿਆ ਸਕੱਤਰ ਸਰਪ੍ਰੀਤ ਸਿੰਘ ਗਿੱਲ ਤੇ ਡਾਇਰੈਕਟਰ ਸਕੂਲ ਐਜੂਕੇਸ਼ਨ ਪਾਲਿਕਾ ਅਰੋੜਾ ਨੇ ਦੱਸਿਆ ਕਿ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਜ਼ਰੂਰ ਕੀਤੀ ਗਈ ਪਰ ਇਸ ਯੋਜਨਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਦਸੰਬਰ ਵਿਚ ਮੀਟਿੰਗ ਕੀਤੀ ਜਾਵੇਗੀ।