ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਨਵੰਬਰ
ਮਿਲਟਰੀ ਲਿਟਰੇਚਰ ਫੈਸਟੀਵਲ ਆਰਗੇਨਾਈਜ਼ੇਸ਼ਨ ਕਮੇਟੀ ਵੱਲੋਂ ਚੰਡੀਗੜ੍ਹ ਵਿੱਚ ਕਰਵਾਏ ਜਾਣ ਵਾਲੇ 8ਵੇਂ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਅੱਜ ਰਸਮੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਸੈਕਟਰ-3 ਵਿੱਚ ਸਥਿਤ ਖੇਤਰੀ ਜੰਗੀ ਯਾਦਗਾਰ ਵਿਖੇ ਪਹੁੰਚ ਕੇ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਸ੍ਰੀ ਕਟਾਰੀਆ ਸਣੇ ਮੌਜੂਦ ਸਾਰੀਆਂ ਸ਼ਖ਼ਸੀਅਤਾਂ ਨੇ ਦੋ ਮਿੰਟ ਦਾ ਮੋਨ ਧਾਰਿਆ। ਇਸ ਤੋਂ ਬਾਅਦ ਸ੍ਰੀ ਕਟਾਰੀਆ ਨੇ 800 ਮੋਟਰਸਾਈਕਲ ਚਾਲਕਾਂ ਦੇ ਬ੍ਰੇਵਹਾਰਟਸ ਰਾਈਡ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੋਟਰਸਾਈਕਲ ਰਾਈਡ ਵਿੱਚ 43 ਵੱਖ-ਵੱਖ ਮੋਟਰਸਈਕਲ ਕਲੱਬਾਂ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਹੈ।
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ 8ਵੇਂ ਮਿਲਟਰੀ ਲਿਟਰੇਚਰ ਫੈਸਟੀਵਲ ਨੂੂੰ ਕਾਰਗਿੱਲ ਦੀ ਲੜਾਈ ਦੀ 25ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਉਣ ’ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਗਿੱਲ ਦੀ ਲੜਾਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਹੋਵੇਗੀ। ਇਸ ਦੇ ਨਾਲ ਹੀ ਸ੍ਰੀ ਕਟਾਰੀਆ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹੋਰ ਆਲੇ-ਦੁਆਲੇ ਦੇ ਇਲਾਕੇ ਦੇ ਨੌਜਵਾਨਾਂ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਰਨਲ ਆਰਪੀਐੱਸ ਬਰਾੜ, ਬ੍ਰਿਗੇਡੀਅਰ ਜੇਐੱਸ ਅਰੋੜਾ ਅਤੇ ਕਰਨਲ ਟੀਐੱਸ ਧਾਲੀਵਾਲ ਸਣੇ ਵੱਡੀ ਗਿਣਤੀ ਵਿੱਚ ਫੈਸਟੀਵਲ ਕਮੇਟੀ ਦੇ ਮੈਂਬਰ ਮੌਜੂਦ ਰਹੇ।