ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 15 ਮਈ
ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਚੋਣ ਪ੍ਰਚਾਰ ਦੌਰਾਨ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਹੁੰਦੇ ਭਰਵੇਂ ਇਕੱਠਾਂ ਤੋਂ ਬਾਗੋਬਾਗ ਹਨ।
‘ਆਪ’ ਕੌਂਸਲਰ ਰਮਨਪ੍ਰੀਤ ਕੌਰ ਅਤੇ ਸਰਕਲ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ ਵੱਲੋਂ ਪਿੰਡ ਕੁੰਭੜਾ ਵਿੱਚ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰ ਕੇ ‘ਆਪ’ ਉਮੀਦਵਾਰ ਨੂੰ ਬਿਨਾ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਮੇਅਰ ਹੁੰਦਿਆਂ ਕੁੰਭੜਾ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਦਿੱਤੇ ਅਤੇ ਹੁਣ ਵਿਧਾਇਕ ਵਜੋਂ ਯੋਜਨਾਬੱਧ ਤਰੀਕੇ ਨਾਲ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਖ਼ੁਸ਼ ਹਨ। ਜਿਸ ਦਾ ਸਬੂਤ ਚੋਣ ਮੀਟਿੰਗਾਂ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਤੋਂ ਮਿਲਦਾ ਹੈ।
‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁਹਾਲੀ ਸਮੇਤ ਸਮੁੱਚੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੋਣ ਜਲਸੇ ਨੂੰ ਕੌਂਸਲਰ ਰਮਨਪ੍ਰੀਤ ਕੌਰ, ਸਰਕਲ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ ਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਵੀ ਸੰਬੋਧਨ ਕੀਤਾ।