ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 18 ਅਗਸਤ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਅਤੇ ਨੇੜਲੇ ਪਿੰਡਾਂ ਤੇ ਕਲੋਨੀਆਂ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਜ਼ਿਆਦਾਤਰ ਸਮੱਸਿਆਵਾਂ ਬਿਜਲੀ-ਪਾਣੀ, ਸੜਕਾਂ ਅਤੇ ਆਟਾ-ਦਾਲ ਸਕੀਮ ਅਤੇ ਨੀਲੇ ਕਾਰਡਾਂ ਨਾਲ ਸਬੰਧਤ ਸਨ। ਵਿਧਾਇਕ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਫੋਨ ’ਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੀਤਾ ਜਾਵੇਗਾ ਅਤੇ ਇਨ੍ਹਾਂ ਕੰਮਾਂ ਵਿੱਚ ਲੇਟ-ਲਤੀਫ਼ੀ ਅਤੇ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਅਤੇ ਪੇਂਡੂ ਖੇਤਰ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਵਧੇਰੇ ਲਾਭ ਲੈ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਨਾਗਰਿਕਾਂ ਨੂੰ 43 ਤੋਂ ਵੱਧ ਕਿਸਮ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਕਲੀਨਿਕ ਵੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ ਅਤੇ ਦਵਾਈਆਂ ਸਮੇਤ ਸਾਰੇ ਲੈਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 95 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।