ਹਰਜੀਤ ਸਿੰਘ
ਜ਼ੀਰਕਪੁਰ, 3 ਮਈ
ਕਰੋਨਾਵਾਇਰਸ ਦੇ ਵਧਦੇ ਪਸਾਰ ਨੂੰ ਦੇਖਦਿਆਂ ਹਲਕਾ ਵਿਧਾਇਕ ਐੱਨ.ਕੇ. ਸ਼ਰਮਾ ਵੱਲੋਂ ਇੱਥੇ ਸਥਿਤ ਆਪਣੇ ਨਿੱਜੀ ਮੈਰਿਜ ਪੈਲੇਸ ਨੂੰ 100 ਬੈੱਡ ਦੇ ਆਰਜ਼ੀ ਕੋਵਿਡ ਕੇਅਰ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਸ੍ਰੀ ਸ਼ਰਮਾ ਵੱਲੋਂ ਇੱਥੇ ਕਰੋਨਾ ਦੇ ਮਰੀਜ਼ਾਂ ਲਈ 100 ਬੈੱਡ ਲਾਉਣ ਤੋਂ ਇਲਾਵਾ ਡਾਕਟਰਾਂ ਦੀ ਇਕ ਟੀਮ ਅਤੇ ਕੁਝ ਵਾਲੰਟੀਅਰ ਤਿਆਰ ਕੀਤੇ ਗਏ ਹਨ ਜੋ ਮਰੀਜ਼ਾਂ ਦੀ ਸੇਵਾ ਕਰਨਗੇ। ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਇਸ ਮਹਾਮਾਰੀ ਦੇ ਦੌਰ ਵਿੱਚ ਸਿਹਤ ਸੇਵਾਵਾਂ ਦੇਣ ਵਿੱਚ ਨਾਕਾਮ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਬੈੱਡ ਨਾ ਮਿਲਣ ਕਾਰਨ ਲੋਕ ਬਿਨਾਂ ਇਲਾਜ ਤੋਂ ਮਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦਾ ਜ਼ਿਲ੍ਹਾ ਹੋਣ ਦੇ ਬਾਵਜੂਦ ਵੱਡੀ ਗਿਣਤੀ ਲੋਕਾਂ ਨੂੰ ਹਸਪਤਾਲਾਂ ਵਿੱਚ ਬੈੱਡ ਨਹੀਂ ਮਿਲ ਰਹੇ ਹਨ। ਦੁੱਖ ਦੀ ਇਸ ਘੜੀ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਉਨ੍ਹਾਂ ਵੱਲੋਂ ਆਪਣੇ ਮੈਰਿਜ ਪੈਲੇਸ ਨੂੰ ਯੂਨਾਈਟਿਡ ਸਿੱਖ ਆਰਗਨਾਈਜ਼ੇਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੋਵਿਡ ਕੇਅਰ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਉਨ੍ਹਾਂ ਵੱਲੋਂ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਗਏ ਹਨ ਪਰ ਉਨ੍ਹਾਂ ਨੂੰ ਹਾਲੇ ਤੱਕ ਪ੍ਰਸ਼ਾਸ਼ਨ ਵੱਲੋਂ ਆਕਸੀਜਨ ਮੁਹੱਈਆ ਨਹੀਂ ਕਰਵਾਈ ਜਾ ਰਹੀ ਹੈ ਜਦਕਿ ਉਨ੍ਹਾਂ ਨੇ ਖਾਲੀ ਸਿਲੰਡਰਾਂ ਦਾ ਪ੍ਰਬੰਧ ਵੀ ਕਰ ਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇੱਥੇ ਸਾਰੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ।