ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਭਾਰਤੀ ਇੰਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਚੰਡੀਗੜ੍ਹ ਤੇ ਮੁਹਾਲੀ ਵੱਲੋਂ ਸੈਕਟਰ-45 ਸਥਿਤ ਚੌਧਰੀ ਭੁਪਾਲ ਸਿੰਘ ਕੰਪਲੈਕਸ ਵਿੱਚ ‘ਕਾਰਪੋਰੇਟ ਭਜਾਓ-ਮੋਦੀ ਹਰਾਓ’ ਵਿਸ਼ੇ ’ਤੇ ਕਾਨਫਰੰਸ ਕੀਤੀ। ਇਸ ਕਾਨਫਰੰਸ ਵਿੱਚ ਦੇਸ਼ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਸਥਾਰ ’ਚ ਚਰਚਾ ਕੀਤੀ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕੇਂਦਰ ਸਰਕਾਰ ਦੀਆਂ ਆਰਥਿਕ ਤੇ ਰਾਜਨੀਤਕ ਚਾਲਾਂ ਨੂੰ ਰੱਜ ਕੇ ਭੰਡਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿਰਫ਼ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ, ਜਦੋਂ ਕਿ ਦੇਸ਼ ਦਾ ਅਵਾਮ ਮਹਿੰਗਾਈ, ਭੁੱਖਮਰੀ, ਬੇਰੁਜ਼ਗਾਰੀ ਨਾਲ ਬੁਰੀ ਤਰ੍ਹਾਂ ਜੂਝ ਰਿਹਾ ਹੈ। ਸਰਕਾਰ ਲੋਕਾਂ ਦੇ ਆਰਥਿਕ ਮਸਲੇ ਹੱਲ ਕਰਨ ਵਿੱਚ ਫੇਲ੍ਹ ਰਹੀ ਹੈ ਅਤੇ ਲੋਕਾਂ ਨੂੰ ਧਰਮ ਦੇ ਨਾਂ ’ਤੇ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਪਾਸਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਦੀ ਬਜਾਏ ਦੇਸ਼ ਨੂੰ ਧਾਰਮਿਕ, ਜਾਤੀ ਤੇ ਖਿੱਤਿਆਂ ਦੇ ਆਧਾਰ ’ਤੇ ਵੰਡ ਰਹੀ ਹੈ, ਜਿਸ ਨਾਲ ਦੇਸ਼ ਦੀ ਅਖੰਡਤਾ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਨੇ ‘ਆਪ’ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਾਏ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਪਣੇ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਹਰਾਉਣ ਲਈ ‘ਇੰਡੀਆ’ ਗਠਜੋੜ ਨੂੰ ਮਜ਼ਬੂਤ ਕਰਨ ਚਾਹੀਦਾ ਹੈ। ਇਸ ਮੌਕੇ ਸਤੀਸ਼ ਖੋਸਲਾ, ਵਿਜੈ ਸਿੰਘ ਤੇ ਸੱਜਨ ਸਿੰਘ ਨੇ ਵੀ ਸੰਬੋਧਨ ਕੀਤਾ। ਇੰਦਰਜੀਤ ਗਰੇਵਾਲ ਨੇ ਅੱਜ ਪੇਸ਼ ‘ਕਾਰਪੋਰੇਟ ਭਜਾਓ-ਮੋਦੀ ਹਰਾਓ’ ਦੇ ਏਜੰਡੇ ’ਤੇ ਕੰਮ ਕਰਨ ’ਤੇ ਜ਼ੋਰ ਦਿੱਤਾ।