ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਜੁਲਾਈ
ਤਿੰਨ ਦਿਨ ਤੋਂ ਲਗਾਤਾਰ ਹੋ ਰਹੀ ਬਾਰਸ਼ ਨੇ ਮੁਹਾਲੀ ਸਮੇਤ ਪੂਰੇ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਡੀਸੀ ਸਮੇਤ ਹੋਰਨਾਂ ਅਧਿਕਾਰੀਆਂ ਤੋਂ ਪਲ ਪਲ ਦੀ ਖ਼ਬਰ ਲਈ ਜਾ ਰਹੀ ਹੈ।ਜੇ ਲੋੜ ਪਈ ਤਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਮਰੱਥ ਹੈ।
ਨਵੀਂ ਦਿੱਲੀ: ਉੱਤਰੀ ਭਾਰਤ ਦੇ ਚਾਰ ਸੂਬਿਆਂ ’ਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨਾਲ ਸਿੱਝਣ ਲਈ ਐੱਨਡੀਆਰਐੱਫ ਦੀਆਂ 39 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੰਜਾਬ ’ਚ ਕੌਮੀ ਆਫ਼ਤ ਪ੍ਰਬੰਧਨ ਬਲ (ਐੱਨਡੀਆਰਐੱਫ) ਦੀਆਂ 14 ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ ਜਦਕਿ ਹਿਮਾਚਲ ਪ੍ਰਦੇਸ਼ ’ਚ 12, ਉੱਤਰਾਖੰਡ ’ਚ 8 ਅਤੇ ਹਰਿਆਣਾ ’ਚ 5 ਟੀਮਾਂ ਨੇ ਮੋਰਚੇ ਸੰਭਾਲੇ ਹੋਏ ਹਨ। ਐੱਨਡੀਆਰਐੱਫ ਦੇ ਤਰਜਮਾਨ ਨੇ ਕਿਹਾ ਕਿ ਹਾਲਾਤ ਮੁਤਾਬਕ ਸੂਬਿਆਂ ਦੇ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਹਰੇਕ ਟੀਮ ’ਚ 30 ਤੋਂ 35 ਬਚਾਅ ਕਰਮੀ ਹਨ ਜੋ ਕਿਸ਼ਤੀਆਂ, ਰੱਸੀਆਂ, ਰੁਖ ਕੱਟਣ ਵਾਲੇ ਔਜਾਰਾਂ ਅਤੇ ਹੋਰ ਲੋੜੀਂਦੇ ਉਪਕਰਣਾਂ ਨਾਲ ਲੈਸ ਹਨ। -ਪੀਟੀਆਈ