ਦਰਸ਼ਨ ਸਿੰਘ ਸੋਢੀ
ਮੁਹਾਲੀ, 26 ਜੂਨ
ਸ੍ਰੀ ਗੁਰੂ ਰਵਿਦਾਸ ਸਭਾ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਵੱਲੋਂ ਕੀਤੀ ਕੋਸ਼ਿਸ਼ ਸਦਕਾ 60 ਅਤੇ 62 ਸਟਰੀਟ ਰੋਡ ਨਿਊਯਾਰਕ ਦੀ ਸੜਕ ਦਾ ਨਾਂ ਡਾ. ਬੀਆਰ ਅੰਬੇਦਕਰ ਦੇ ਨਾਂ ‘ਤੇ ਰੱਖਿਆ ਗਿਆ ਹੈ। ਇਸ ਦਾ ਉਦਘਾਟਨ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਉਦਘਾਟਨ ਵੇਲੇ ਵਿਧਾਇਕ ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਦੀ ਲੜੀ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਖ਼ੁਦ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ, ਉੱਥੇ ਹੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਦਕਰ ਦੀਆਂ ਅਨੇਕਾਂ ਮਿਸਾਲਾਂ ਆਪਣੇ ਭਾਸ਼ਨਾਂ ਵਿੱਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿਚ ਵੀ ਅੰਬੇਡਕਰ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ।
ਮੁਹਾਲੀ ਸ਼ਹਿਰ ਨਾ ਸਿਰਫ ਉਨ੍ਹਾਂ ਲਈ, ਸਗੋਂ ਉਹ ਪੂਰੇ ਪੰਜਾਬ ਭਰ ਦੇ ਲੋਕਾਂ ਦੇ ਲਈ ਸੁਪਨਿਆਂ ਦਾ ਸ਼ਹਿਰ ਹੈ, ਕਿਉਂਕਿ ਮੁਹਾਲੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ ਲੱਗਦਾ ਸ਼ਹਿਰ ਹੈ ਅਤੇ ਇਸ ਸ਼ਹਿਰ ਨੂੰ ਦੁਨੀਆ ਦੇ ਨਕਸ਼ੇ ਦੇ ਉਤੇ ਚਮਕਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ। ਇਸ ਮੌਕੇ ਕੁਲਵੰਤ ਸਿੰਘ ਦੀ ਸ਼ਲਾਘਾ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਬੰਗਾ ਨੇ ਕਿਹਾ ਕਿ ਸ੍ਰੀ ਕੁਲਵੰਤ ਸਿੰਘ ਨੇ ਜ਼ਮੀਨੀ ਪੱਧਰ ਤੋਂ ਉਠ ਕੇ ਪੂਰੇ ਪੰਜਾਬ ਭਰ ਦੇ ਵਿੱਚ ਲੋਕਾਂ ਦੀ ਸੇਵਾ ਕਰਦੇ ਹੋਏ ਵੱਡਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੀ ਸੁਸਾਇਟੀ ਲਈ ਇਹ ਖੁਸ਼ੀ ਵਾਲੀ ਗੱਲ ਹੈ ਕਿ ਇਸ ਰੋਡ ਦਾ ਉਦਘਾਟਨ ਵਿਧਾਇਕ ਹੱਥੋਂ ਹੋਇਆ ਹੈ। ਪੂਰੀ ਉਮੀਦ ਹੈ ਕਿ ਸ੍ਰੀ ਕੁਲਵੰਤ ਸਿੰਘ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਘੱਟ-ਗਿਣਤੀਆਂ ਦੀ ਭਲਾਈ ਲਈ ਇਸ ਤਰ੍ਹਾਂ ਕੰਮ ਕੀਤਾ ਜਾਵੇਗਾ। ਇਸਦੇ ਨਾਲ ਹੀ ਅਸ਼ੋਕ ਮਾਹੀ ਵੱਲੋਂ ਵੀ ਆਮ ਆਦਮੀ ਪਾਰਟੀ ਦੇ ਕੰਮਾਂ ਦੀ ਪ੍ਰਸ਼ੰਸ਼ਾ ਕਰਦੇ ਹੋਏ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਜਲਦੀ ਪੂਰਾ ਹੋਣ ਦੀ ਆਸ ਪ੍ਰਗਟ ਕੀਤੀ। ਇਸ ਸਾਦੇ ਸਮਾਗਮ ਦੌਰਾਨ ਗੁਰੂ ਰਵਿਦਾਸ ਸਭਾ ਦੇ ਪ੍ਰਬੰਧਕ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਦੇ ਪ੍ਰਬੰਧਕ ਉਚੇਚੇ ਤੌਰ ‘ਤੇ ਹਾਜ਼ਰ ਸਨ।