ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 9 ਸਤੰਬਰ
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ (ਬਰਨਾਲਾ) ਅਤੇ ਸੰਦੀਪ ਸਿੰਘ ਉਰਫ਼ ਮਿੰਟੂ ਵਾਸੀ ਪਿੰਡ ਸਹੌਰ (ਬਰਨਾਲਾ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਆਈਟੀ ਸਿਟੀ ਥਾਣਾ ਮੁਹਾਲੀ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ।
ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਐੱਸਪੀ (ਡੀ) ਡਾ. ਜਯੋਤੀ ਯਾਦਵ ਅਤੇ ਡੀਐੱਸਪੀ (ਡੀ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਕੋਲੋਂ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਕਾਰ ਵੀ ਕਬਜ਼ੇ ਵਿੱਚ ਲਈ ਹੈ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਮੁਹਾਲੀ ਏਅਰਪੋਰਟ ਚੌਕ ’ਤੇ ਮੌਜੂਦ ਸੀ, ਜਿੱਥੇ ਏਐਸਆਈ ਗੁਰਦੀਪ ਸਿੰਘ ਨੂੰ ਗੁਪਤ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਅਤੇ ਸੰਦੀਪ ਸਿੰਘ ਉਰਫ਼ ਮਿੰਟੂ ਨਾਜਾਇਜ਼ ਅਸਲੇ ਨਾਲ ਲੈਸ ਹਨ। ਉਨ੍ਹਾਂ ਵਿਰੁੱਧ ਪਹਿਲਾਂ ਵੀ ਕੇਸ ਦਰਜ ਹਨ। ਉਹ ਪਿੰਡ ਛੱਤ ਵਾਲੀਆਂ ਟਰੈਫ਼ਿਕ ਲਾਈਟਾਂ ਨੇੜੇ ਸਲਿੱਪ ਰੋਡ ’ਤੇ ਆਪਣੇ ਦੋਸਤ ਦੀ ਉਡੀਕ ਵਿੱਚ ਖੜ੍ਹੇ ਹਨ। ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਕਾਰ ’ਚੋਂ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ।