ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਨਵੰਬਰ
ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਮੱਛੀ ਨਦੀ ’ਤੇ ਪੁਲ ਡਿੱਗਣ ਕਰਕੇ ਮਰਨ ਵਾਲੇ ਸੈਂਕੜੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਕਾਂਗਰਸ ਨੇ ਸੁਖਨਾ ’ਤੇ ਮੋਮਬੱਤੀ ਮਾਰਚ ਕੱਢਿਆ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਅਤੇ ਯੂਥ ਕਾਂਗਰਸ ਦੇ ਪ੍ਰਦਾਨ ਮਨੋਜ ਲੁਬਾਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀਆਂ ਨੇ ਗੁਜਰਾਤ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਤੇ ਯੂਥ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਮੋਰਬੀ ਜ਼ਿਲ੍ਹੇ ਵਿੱਚ ਇਹ ਘਟਨਾ ਗੁਜਰਾਤ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਲਾਲਚ ਕਾਰਨ ਵਾਪਰੀ ਹੈ, ਜਿਸ ਕਾਰਨ ਸੈਂਕੜੇ ਲੋਕਾਂ ਦੀ ਜਾਨਾਂ ਚਲੀਆਂ ਗਈਆਂ ਹਨ। ਉਨ੍ਹਾਂ ਨੇ ਮੋਰਬੀ ਹਾਦਸੇ ਦੇ ਜ਼ਿੰਮੇਵਾਰ ਲੋਕਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮ੍ਰਿਤਕਾਂ ਅਤੇ ਪੀੜਤਾਂ ਨੂੰ ਭਾਰੀ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਗੁਜਰਾਤ ਸਰਕਾਰ ਨੇ ਪੁਲ ਦੀ ਦੇਖ-ਰੇਖ ਅਜਿਹੀ ਕੰਪਨੀ ਨੂੰ ਦਿੱਤੀ ਹੈ, ਜਿਸ ਕੋਲ ਇਸ ਤਰ੍ਹਾਂ ਦੇ ਕੰਮ ਦਾ ਕੋਈ ਤਜਰਬਾ ਹੀ ਨਹੀਂ ਹੈ।
ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਅੱਜ ਘਟਨਾ ਨੂੰ ਦੋ ਦਿਨ ਬੀਤ ਜਾਣ ਦੇ ਬਾਵਜੂਦ ਗੁਜਰਾਤ ਸਰਕਾਰ ਨੇ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।