ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਦਸੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਪ੍ਰਭਾਤ ਫੇਰੀ ਕੱਢੀ ਗਈ। ਇਹ ਪ੍ਰਭਾਤ ਫੇਰੀ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ ਸਾਢੇ 5 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋ ਕੇ ਸਵੇਰੇ 8 ਵਜੇ ਬਾਬਾ ਅਜੀਤ ਸਿੰਘ ਦੇ ਤਪ ਅਸਥਾਨ ਹੰਸਾਲੀ ਸਾਹਿਬ ਵਿਖੇ ਸੰਪੂਰਨ ਹੋਈ, ਜਿੱਥੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਸੰਗਤ ਦਾ ਸਵਾਗਤ ਕੀਤਾ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਸ਼ੁੱਕਰਵਾਰ 3 ਦਸੰਬਰ ਨੂੰ ਇਸ ਅਸਥਾਨ ’ਤੇ ਮਨਾਇਆ ਜਾਵੇਗਾ। ਸਵੇਰੇ 9 ਵਜੇ ਅਖੰਡ ਪਾਠ ਦੇ ਭੋਗ ਉਪਰੰਤ ਕਵੀਸ਼ਰੀ ਤੇ ਢਾਡੀ ਜਥਿਆਂ ਤੋਂ ਇਲਾਵਾ ਕੀਰਤਨੀ ਜਥੇ ਤੇ ਪ੍ਰਚਾਰਕ ਸੰਗਤ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ। ਇਸ ਮੌਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾਵੇਗਾ।