ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 19 ਅਪਰੈਲ
ਪਿੰਡ ਦਾਉਮਾਜਰਾ ਵਿੱਚ ਪੈਸਿਆਂ ਦੇ ਲੈਣ-ਦੇਣ ਕਾਰਨ ਹੋਈ ਲੜਾਈ ਦੌਰਾਨ ਫੌਤ ਹੋਏ ਅਵਤਾਰ ਸਿੰਘ ਉਰਫ਼ ਰਾਜ਼ੀ ਵਾਸੀ ਪਿੰਡ ਲਲਹੇੜੀ (ਖੰਨਾ) ਦੇ ਕਤਲ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਖਰੜ ਪੁਲੀਸ ’ਤੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਅੱਜ ਇੱਥੇ ਮ੍ਰਿਤਕ ਦੇ ਰਿਸ਼ਤੇਦਾਰ ਗੁਰਿੰਦਰ ਸਿੰਘ ਵਾਸੀ ਖਮਾਣੋਂ ਅਤੇ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਨੇ ਕਿਹਾ ਕਿ ਸਵਾ ਮਹੀਨਾ ਬੀਤ ਜਾਣ ਦੇ ਬਾਵਜੂਦ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਹਮਲਾਵਰਾਂ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ ਪ੍ਰੰਤੂ ਦੂਜੇ ਪਾਸੇ ਪੁਲੀਸ ਸਿਆਸੀ ਦਖ਼ਲਅੰਦਾਜ਼ੀ ਕਾਰਨ ਉਨ੍ਹਾਂ (ਪੀੜਤਾਂ) ਉੱਤੇ ਮੁਲਜ਼ਮ ਧਿਰ ਨਾਲ ਸਮਝੌਤਾ ਕਰਨ ਦਾ ਦਬਾਅ ਪਾ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਪੁਲੀਸ ’ਤੇ ਕੋਈ ਅਸਰ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਸ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਇਕ ਮੁਲਜ਼ਮ ਜਸਪ੍ਰੀਤ ਦੀ ਗ੍ਰਿਫ਼ਤਾਰੀ ਪਾ ਕੇ ਖਾਨਾਪੂਰਤੀ ਕੀਤੀ ਗਈ ਹੈ। ਉਨ੍ਹਾਂ ਪੁਲੀਸ ਨੂੰ 25 ਅਪਰੈਲ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਐਸਐਸਪੀ ਦਫ਼ਤਰ ਦੇ ਅੱਗੇ ਭੁੱਖ-ਹੜਤਾਲ ਸ਼ੁਰੂ ਕਰਨਗੇ। ਖਰੜ ਸਦਰ ਥਾਣਾ ਦੇ ਐੱਸਐੱਚਓ ਅਜੀਤਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਪੁਲੀਸ ’ਤੇ ਕਿਸੇ ਕਿਸਮ ਦਾ ਸਿਆਸੀ ਦਬਾਅ ਨਹੀਂ ਹੈ। ਬਾਕੀ ਫਰਾਰ ਮੁਲਜ਼ਮਾਂ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।