ਰੂਪਨਗਰ: ਰੂਪਨਗਰ ਜ਼ਿਲ੍ਹੇ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰੀਤੀ ਯਾਦਵ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦਾ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਪੇਸ਼ ਕਰਕੇ ਸਵਾਗਤ ਕੀਤਾ ਗਿਆ। ਉਨ੍ਹਾਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਸਬ ਡਵੀਜ਼ਨਲ ਮੈਜਿਸਟਰੇਟਜ਼ ਨਾਲ ਉੱਚ ਪੱਧਰੀ ਮੀਟਿੰਗ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲ੍ਹੇ ਅੰਦਰ ਸਿਹਤ, ਸਿੱਖਿਆ ਅਤੇ ਸੈਰ ਸਪਾਟਾ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਇਨ੍ਹਾਂ ਖੇਤਰਾਂ ਵਿੱਚ ਵੱਡੇ ਪੱਧਰ ਤੇ ਸੁਧਾਰ ਕਰਕੇ ਇਨ੍ਹਾਂ ਨੂੰ ਪ੍ਰਫੁੱਲਿਤ ਕੀਤਾ ਜਾਵੇਗਾ। -ਪੱਤਰ ਪ੍ਰੇਰਕ
ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਹੋਵੇਗਾ: ਡੀਸੀ
ਐੱਸਏਐਸ ਨਗਰ (ਪੱਤਰ ਪ੍ਰੇਰਕ): ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਵਿੱਚ ਜ਼ਿਲ੍ਹਾ ਮੁਹਾਲੀ ਆਪਣਾ ਅਹਿਮ ਯੋਗਦਾਨ ਪਾਵੇਗਾ ਅਤੇ ਨਸ਼ਾ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ੇੜੀਆਂ ਦਾ ਇਲਾਜ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਅੰਦਰ ਨਾਜਾਇਜ਼ ਮਾਈਨਿੰਗ ਅਤੇ ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਸ਼ਿਕੰਜਾ ਕੱਸਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ।