ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ਵੱਲੋਂ ਦੋ ਦਿਨ ਪਹਿਲਾਂ ਗੈਂਗਸਟਰਾਂ ਦੇ ਕੇਸਾਂ ਦੀ ਪੈਰਵੀ ਕਰਨ ਵਾਲੀ ਐਡਵੋਕੇਟ ਸ਼ੈਲੀ ਸ਼ਰਮਾ ਦੇ ਚੰਡੀਗੜ੍ਹ ਦੇ ਸੈਕਟਰ-27 ਵਿੱਚ ਸਥਿਤ ਘਰ ’ਚ ਛਾਪੇ ਤੋਂ ਖਫ਼ਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਨਿਰਦੇਸ਼ ’ਤੇ ਵਕੀਲਾਂ ਨੇ ਹਾਈ ਕੋਰਟ ਅਤੇ ਜ਼ਿਲ੍ਹਾ ਅਦਾਲਤ ਵਿੱਚ ਤੀਜੇ ਦਿਨ ਵੀ ਹੜਤਾਲ ਕੀਤੀ। ਇਸ ਮੌਕੇ ਵਕੀਲਾਂ ਨੇ ਕੰਮਕਾਜ ਠੱਪ ਕਰਦਿਆਂ ਐੱਨਆਈਏ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਵਕੀਲ ਦੇ ਘਰ ਛਾਪਾ ਮਾਰਨ ਵਾਲੇ ਅਧਿਕਾਰੀਆਂ ਨੂੂੰ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਕੀਤਾ।
ਕੌਂਸਲ ਦੇ ਚੇਅਰਮੈਨ ਸੁਵੀਰ ਸਿੱਧੂ ਨੇ ਕਿਹਾ ਕਿ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਛਾਪਾ ਮਾਰ ਕੇ ਵਕੀਲ ਦੇ ਕੰਮ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਗਲਤ ਹੈ। ਉਨ੍ਹਾਂ ਕਿਹਾ ਕਿ ਅਜਿਹੀ ਛਾਪੇ ਐਡਵੋਕੇਟ ਐਕਟ 1961 ਅਤੇ ਐਵੀਡੈਂਸ ਐਕਟ ਦੇ ਵਿਰੁੱਧ ਹਨ। ਅੱਜ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਮੀਟਿੰਗ ਕੀਤੀ, ਜਿਸ ਵਿੱਚ ਢਾਈ ਦਰਜਨ ਦੇ ਕਰੀਬ ਮੈਂਬਰ ਸ਼ਾਮਲ ਹੋਏ ਜਿਨ੍ਹਾਂ ਨੇ ਐੱਨਆਈਏ ਦੇ ਛਾਪੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਐੱਨਆਈਏ ਦੀ ਕਾਰਵਾਈ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਸੱਦੇ ’ਤੇ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਵਕੀਲਾਂ ਨੇ ਕੰਮਕਾਜ ਠੱਪ ਕਰ ਕੇ ਪ੍ਰਦਰਸ਼ਨ ਕੀਤਾ।