ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੀ ਆਮ ਆਦਮੀ ਪਾਰਟੀ (ਆਪ) ਦੀ ਵਿਦਿਆਰਥੀ ਜਥੇਬੰਦੀ ਸੀਵਾਈਐੱਸਐੱਸ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਰਾਜਧਾਨੀ ਚੰਡੀਗੜ੍ਹ ਵਿੱਚ ‘ਆਪ’ ਹੋਰ ਮਜ਼ਬੂਤ ਹੋ ਗਈ ਹੈ। ਹੁਣ ਆਮ ਆਦਮੀ ਪਾਰਟੀ ਨੇ ਸ਼ਹਿਰ ਵਿੱਚ ਸਾਲ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਆਉਣ ਵਾਲੇ ਦਿਨਾਂ ਵਿੱਚ ਬੂਥ ਪੱਧਰ ’ਤੇ ਕਮੇਟੀਆਂ ਬਣਾ ਕੇ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।
‘ਆਪ’ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਪਾਰਟੀ ਸਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਸੰਬਰ 2022 ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਹੋਣ ਵਾਲੀ ਮੇਅਰ ਦੀ ਚੋਣ ਵਿੱਚ ‘ਆਪ’ ਦਾ ਮੇਅਰ ਬਣਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਸਾਲ 2021 ’ਚ ਹੋਈ ਨਗਰ ਨਿਗਮ ਚੋਣਾਂ ਵਿੱਚ ਚੰਡੀਗੜ੍ਹ ਦੇ ਲੋਕਾਂ ਨੇ ‘ਆਪ’ ਦੇ ਸਭ ਤੋਂ ਵੱਧ ਕੌਂਸਲਰਾਂ ਨੂੰ ਜਿਤਾ ਕੇ ਨਗਰ ਨਿਗਮ ਵਿੱਚ ਭੇਜਿਆ ਹੈ ਪਰ ਭਾਜਪਾ ਨੇ ਧੋਖਾ ਨਾਲ ਆਪਣਾ ਮੇਅਰ ਬਣਾ ਲਿਆ। ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ (ਆਪ) ਆਪਣਾ ਮੇਅਰ ਬਣਾ ਕੇ ਰਹੇਗੀ।
ਸ੍ਰੀ ਗਰਗ ਨੇ ਕਿਹਾ ਕਿ ‘ਆਪ’ ਵੱਲੋਂ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਜਿੱਤ ਲਈ ਵੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਲਈ ਬੂਥ ਪੱਧਰ ’ਤੇ ਕਮੇਟੀਆਂ ਬਣਾਈ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ 92 ਸੀਟਾਂ ’ਤੇ ‘ਆਪ’ ਨੂੰ ਜਿਤਵਾਇਆ ਹੈ।
ਉਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ‘ਆਪ’ ਨੌਜਵਾਨਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੀ ਹੈ। ‘ਆਪ’ ਦੇ ਪ੍ਰਧਾਨ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸਭਾ ਚੋਣਾਂ 2024 ਵਿੱਚ ਵੀ ਚੰਡੀਗੜ੍ਹ ਦੇ ਲੋਕ ਪੁਰਾਣੀ ਪਾਰਟੀਆਂ ਨੂੰ ਨਕਾਰਦੇ ਹੋਏ ‘ਆਪ’ ਨੂੰ ਮੌਕੇ ਦੇਣਗੇ।