ਮੁਕੇਸ਼ ਕੁਮਾਰ
ਚੰਡੀਗੜ੍ਹ, 28 ਮਾਰਚ
ਇੱਥੇ ਡੱਡੂਮਾਜਰਾ ਦੇ ਰਿਹਾਇਸ਼ੀ ਕਲੋਨੀ ਵਿੱਚ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਰਲ ਕੇ ਆਉਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਇਸ ਬਾਰੇ ਨਗਰ ਨਿਗਮ ਦੇ ਸਬੰਧਤ ਮਹਿਕਮੇ ਨੂੰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਵੀ ਹੁਣ ਤੱਕ ਕੋਈ ਹੱਲ ਨਹੀਂ ਨਿਕਲਿਆ ਅਤੇ ਇੱਥੋਂ ਦੇ ਵਾਸੀ ਸੀਵਰੇਜ ਦਾ ਮਿਲਾਵਟੀ ਪਾਣੀ ਪੀਣ ਲਈ ਮਜਬੂਰ ਹਨ।
ਡੱਡੂਮਾਜਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਦਿਆਲ ਕ੍ਰਿਸ਼ਨ ਨੇ ਦੱਸਿਆ ਕਿ ਇਸ ਪਿੰਡ ਦੇ ਲੋਕ ਇੱਥੇ ਡੰਪਿੰਗ ਗਰਾਊਂਡ ਦੇ ਕੂੜੇ ਤੋਂ ਪਿਛਲੇ ਕਈ ਦਹਾਕਿਆਂ ਤੋਂ ਪ੍ਰੇਸ਼ਾਨ ਹਨ। ਹੁਣ ਇੱਥੇ ਰਿਹਾਇਸ਼ੀ ਇਲਾਕੇ ਵਿੱਚ ਪਿੰਡ ਵਾਲੀ ਸਪਲਾਈ ਵਿੱਚ ਸੀਵਰੇਜ ਦਾ ਮਿਲਾਵਟੀ ਪਾਣੀ ਆਉਣ ਨਾਲ ਇੱਥੋਂ ਦੇ ਲੋਕਾਂ ਲਈ ਹੋਰ ਸਮੱਸਿਆ ਖੜ੍ਹੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲਗਪਗ ਇੱਕ ਹਫਤੇ ਤੋਂ ਡੱਡੂਮਾਜਰਾ ਸਥਿਤ ਗੁੱਗਾ ਮਾੜੀ ਮੰਦਰ ਨੇੜੇ ਪਾਣੀ ਦੀ ਸਪਲਾਈ ਵਾਲੇ ਚੈਂਬਰ ਨੇੜੇ ਹੀ ਸੀਵਰੇਜ ਦੀ ਲੀਕੇਜ ਹੋ ਰਹੀ ਹੈ ਅਤੇ ਗੰਦਾ ਪਾਣੀ ਪੀਣ ਵਾਲੀ ਸਪਲਾਈ ਵਿੱਚ ਮਿਲ ਕੇ ਲੋਕਾਂ ਦੇ ਘਰਾਂ ਵਿੱਚ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੇ ਚੈਂਬਰ ਰਾਹੀਂ ਲੀਕ ਹੋ ਰਹੇ ਸੀਵਰੇਜ ਦਾ ਪਾਣੀ ਸਪਲਾਈ ਲਾਈਨ ਵਿੱਚ ਮਿਲ ਰਿਹਾ ਹੈ। ਇਸ ਬਾਰੇ ਨਗਰ ਨਿਗਮ ਨੂੰ ਸ਼ਿਕਾਇਤ ਕੀਤੀ ਗਈ ਹੈ ਪਰ ਅੱਜ ਤੱਕ ਇਸ ਸਮੱਸਿਆ ਦੇ ਹੱਲ ਲਈ ਕੋਈ ਨਹੀਂ ਬਹੁੜਿਆ।
ਕਮੇਟੀ ਦੇ ਪ੍ਰਧਾਨ ਦਿਆਲ ਕ੍ਰਿਸ਼ਨ ਨੇ ਦੱਸਿਆ ਕਿ ਇਲਾਕਾ ਵਾਸੀ ਪਹਿਲਾਂ ਹੀ ਨਾਲ ਲੱਗਦੇ ਡੰਪਿੰਗ ਗਰਾਊਂਡ ਦੇ ਕੂੜੇ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਹੁਣ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦੇ ਪਾਣੀ ਦੀ ਮਿਲਾਵਟ ਤੋਂ ਬਾਅਦ ਉਨ੍ਹਾਂ ਦੀ ਸਿਹਤ ਲਈ ਹੋਰ ਵੀ ਖਤਰਾ ਪੈਦਾ ਹੋ ਗਿਆ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਹ ਕਹਿਣ ਨੂੰ ਤਾਂ ਸਿਟੀ ਬਿਊਟੀਫੁਲ ਚੰਡੀਗੜ੍ਹ ਦੇ ਵਾਸੀ ਹਨ, ਪਰ ਹਕੀਕਤ ਵਿੱਚ ਉਹ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਇੱਥੋਂ ਦੇ ਡੰਪਿੰਗ ਗਰਾਊਂਡ ਨੂੰ ਲੈ ਕੇ ਇਲਾਕਾ ਵਾਸੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਅੱਜ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਹੁਣ ਇਸ ਇਲਾਕੇ ਵਿੱਚ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਮਿਲ ਰਿਹਾ ਹੈ, ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇੱਥੋਂ ਦੇ ਵਾਸੀਆਂ ਦੀ ਸਿਹਤ ਦੀ ਕੋਈ ਚਿੰਤਾ ਨਹੀਂ ਹੈ। ਡੱਡੂਮਾਜਰਾ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਦਿਆਲ ਕ੍ਰਿਸ਼ਨ ਨੇ ਨਗਰ ਨਿਗਮ ਸਹਿਤ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਇਲਾਕੇ ਦੀਆਂ ਸਮੱਸਿਆਵਾਂ ਨੂੰ ਛੇਤੀ ਤੋਂ ਛੇਤੀ ਹੱਲ ਕਰਵਾਏ।