ਪੱਤਰ ਪ੍ਰੇਰਕ
ਚੰਡੀਗੜ੍ਹ, 11 ਦਸੰਬਰ
ਸਿਟੀ ਬਿਊਟੀਫੁੱਲ ਵਿੱਚ ਦਿਨੋਂ-ਦਿਨ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਅੱਜ ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨ ਵੈੱਲਫ਼ੇਅਰ ਫੈਡਰੇਸ਼ਨ ਨੇ ਅੱਜ ਐੱਸ.ਐੱਸ.ਪੀ. ਕੁਲਦੀਪ ਸਿੰਘ ਚਹਿਲ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ 90 ਰੈਜ਼ੀਡੈਂਟਸ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਫੈਡਰੇਸ਼ਨ ਦੇ ਚੇਅਰਮੈਨ ਹਿਤੇਸ਼ ਪੁਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪ੍ਰਧਾਨ ਉਮੇਸ਼ ਘਈ, ਉਪ-ਪ੍ਰਧਾਨ ਸੁਰਿੰਦਰ ਸ਼ਰਮਾ, ਡਾ. ਅਨੀਸ਼ ਗਰਗ ਆਦਿ ਨੇ ਐੱਸ.ਐੱਸ.ਪੀ. ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਤੇਜ਼ੀ ਨਾਲ ਵਧ ਰਹੇ ਅਪਰਾਧ ਨੂੰ ਰੋਕਣ ਲਈ ਪੁਲੀਸ ਨੂੰ ਚੁਸਤ ਦਰੁਸਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰੇਹੜੀਆਂ ਅਤੇ ਸਾਈਕਲਾਂ ਉੱਤੇ ਸਾਮਾਨ ਵੇਚਣ ਵਾਲਿਆਂ ਦੀ ਭਰਮਾਰ ਹੈ ਤੇ ਇਹ ਪਰਵਾਸੀ ਵਿਅਕਤੀ ਯੂ.ਟੀ. ਪ੍ਰਸ਼ਾਸਨ ਤੇ ਨਗਰ ਨਿਗਮ ਦੇ ਮਾਪਦੰਡਾਂ ਦੀ ਪਾਲਣਾ ਵੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਦਾ ਫਰਜ਼ ਬਣਦਾ ਹੈ ਕਿ ਅਜਿਹੇ ਅਣਅਧਿਕਾਰਤ ਤੌਰ ’ਤੇ ਚੀਜ਼ਾਂ ਵੇਚਣ ਵਾਲੇ ਲੋਕਾਂ ਉੱਤੇ ਨਜ਼ਰ ਰੱਖੇ ਤੇ ਅਪਰਾਧ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਵੱਖ-ਵੱਖ ਪੁਲੀਸ ਥਾਣਿਆਂ ਅਧੀਨ ਖੇਤਰਾਂ ਦੀਆਂ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨਾਂ ਨਾਲ ਸਬੰਧਤ ਐੱਸ.ਐੱਚ.ਓਜ਼ ਵੱਲੋਂ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਤਾਜ਼ਾ ਹਾਲਾਤ ਬਾਰੇ ਜਾਣਕਾਰੀ ਲਈ ਜਾਵੇ।
ਫੈਡਰੇਸ਼ਨ ਪ੍ਰਧਾਨ ਨੇ ਦੱਸਿਆ ਕਿ ਐੱਸ.ਐੱਸ.ਪੀ. ਨੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਗਹੁ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਪਰੋਕਤ ਸੁਝਾਵਾਂ ਮੁਤਾਬਕ ਪੁਲੀਸ ਨੂੰ ਚੁਸਤ ਦਰੁਸਤ ਬਣਾਇਆ ਜਾਵੇਗਾ ਅਤੇ ਅਪਰਾਧ ਨੂੰ ਕੰਟਰੋਲ ਕਰਨ ਲਈ ਯਤਨ ਕੀਤੇ ਜਾਣਗੇ।