ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਨਵੰਬਰ
ਚੇਤਨਾ ਮੰਚ ਚੰਡੀਗੜ੍ਹ ਵੱਲੋਂ ਕਮਿਊਨਿਟੀ ਸੈਂਟਰ ਸੈਕਟਰ-40 ਵਿੱਚ ‘ਇਕ ਦੇਸ਼-ਇਕ ਚੋਣ’ ਸੰਵਿਧਾਨਕ ਪਰਿਪੱਖ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ 100 ਦੇ ਕਰੀਬ ਬੁੱਧੀਜੀਵੀਆਂ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸੇਵਾਮੁਕਤ ਪ੍ਰੋਫੈਸਰ ਖਾਲਿਦ ਮੁਹੰਮਦ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 1950 ਵਿੱਚ ਭਾਰਤੀ ਸੰਵਿਧਾਨ ਲਾਗੂ ਹੋਇਆ ਤਾਂ 1952 ਵਿੱਚ ਪਹਿਲੀ ਵਾਰ ਲੋਕ ਸਭਾ ਅਤੇ ਸਾਰੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ‘ਇਕ ਦੋਸ਼-ਇਕ ਚੋਣ’ ਮਾਡਲ ਜੇ ਲਾਗੂ ਹੁੰਦਾ ਹੈ ਤਾਂ ਸੰਵਿਧਾਨ ਵਿੱਚ ਕਈ ਸੋਧਾਂ ਕੀਤੀਆਂ ਜਾਣਗੀਆਂ। ਇਹ ਸੰਸਦੀ ਲੋਕਤੰਤਰੀ ਪ੍ਰਣਾਲੀ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਦੇਵੇਗਾ। ਪੱਤਰਕਾਰ ਕੇਪੀ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਤੇ ਮਿਉਂਸਿਪਲ ਬਾਡੀਜ਼ ਦੀਆਂ ਚੋਣਾਂ ਨਾਲੋ-ਨਾਲ ਕਰਵਾਉਣ ਦੇ ਕਦਮ ਨਾਲ ਸੰਘਵਾਦ ’ਤੇ ਹਮਲਾ ਹੋਵੇਗਾ। ਇਹ ਕੇਂਦਰ ਸਰਕਾਰ ਦੀ ਦੇਸ਼ ਦਾ ਕੇਂਦਰੀਕਰਨ ਕਰਨ ਦੀ ਸਾਜਿਸ਼ ਹੈ। ਐੱਸਕੇ ਖੋਸਲਾ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ‘ਇਕ ਦੇਸ਼-ਇਕ ਚੋਣ’ ਦੇਸ਼ ਵਿੱਚ ਤਾਨਾਸ਼ਾਹੀ ਨੂੰ ਹੁਲਾਰਾ ਦੇਵੇਗੀ। ਇਸ ਮੌਕੇ ਮੰਚ ਦੇ ਪ੍ਰਧਾਨ ਪੀਡੀਐੱਸ ਉੱਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ।