ਚੰਡੀਗੜ੍ਹ (ਟਨਸ):
ਚੰਡੀਗੜ੍ਹ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਦੋ ਸੜਕ ਹਾਦਸਿਆਂ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਚੰਡੀਗੜ੍ਹ ਪੁਲੀਸ ਨੇ ਦੋਵਾਂ ਮਾਮਲਿਆਂ ’ਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪਹਿਲੀ ਘਟਨਾ ਮਿਲਕ ਕਲੋਨੀ ਧਨਾਸ ਦੇ ਲਾਈਟ ਪੁਆਇੰਟ ਨੇੇੜੇ ਵਾਪਰੀ, ਜਿੱਥੇ ਤੇਜ਼ ਰਫ਼ਤਾਰ ਟਰੈਕਟਰ ਚਾਲਕ ਵੱਲੋਂ ਰੇਹੜੀ ਨੂੰ ਟੱਕਰ ਮਾਰਨ ਕਰਕੇ ਰਾਜ ਕੁਮਾਰ ਸਾਹਨੀ ਵਾਸੀ ਸਾਰੰਗਪੁਰ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਸੱਤਰੋਹਨ ਸਾਹਨੀ ਵਾਸੀ ਧਨਾਸ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਟਰੈਕਟਰ ਚਾਲਕ ਸਰਲ ਯਾਦਵ ਵਾਸੀ ਮੁਹਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੂਜੀ ਘਟਨਾ ’ਚ ਸੈਕਟਰ-35/36 ਦੇ ਛੋਟੇ ਫਲੈਟਾਂ ਨੇੜੇ ਕਾਰ ਵੱਲੋਂ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਰਾਜ ਕੁਮਾਰ ਵਾਸੀ ਡੱਡੂਮਾਜਰਾ ਕਲੋਨੀ ਜ਼ਖ਼ਮੀ ਹੋ ਗਿਆ, ਜਿਸ ਨੂੰ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧ ’ਚ ਥਾਣਾ ਸੈਕਟਰ-36 ਦੀ ਪੁਲੀਸ ਨੇ ਪੀੜਤ ਦੇ ਬਿਆਨਾਂ ’ਤੇ ਕਾਰ ਚਾਲਕ ਅਨਿਲ ਕੁਮਾਰ ਵਾਸੀ ਸੈਕਟਰ-37 ਬੀ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਉਕਤ ਮਾਮਲੇ ’ਚ ਗ੍ਰਿਫ਼ਤਾਰ ਕਰਨ ਫਿਰ ਜ਼ਮਾਨਤ ’ਤੇ ਛੱਡ ਦਿੱਤਾ।