ਪੱਤਰ ਪ੍ਰੇਰਕ
ਚੰਡੀਗੜ੍ਹ, 24 ਅਕਤੂਬਰ
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਬਾਰਡਰ ਏਰੀਆ ਵਿੱਚ ਬੀ.ਐਸ.ਐਫ. ਦਾ ਘੇਰਾ 15 ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ 25 ਅਕਤੂਬਰ ਨੂੰ ਬੁਲਾਈ ਗਈ ਸਰਬ-ਪਾਰਟੀ ਮੀਟਿੰਗ ਬਾਰੇ ਸਹਿਜਧਾਰੀ ਸਿੱਖ ਪਾਰਟੀ (ਸਸਪਾ) ਦੇ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂੰ ਅਤੇ ਜਨਰਲ ਸਕੱਤਰ ਜਗਤਾਰ ਸਿੰਘ ਧਾਲੀਵਾਲ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿੱਚ ਹਰੇਕ ਰਾਜਨੀਤਕ ਪਾਰਟੀ ਨੂੰ ਸੱਦਾ ਦਿੱਤਾ ਜਾਣਾ ਚਾਹੀਦਾ ਸੀ ਜਦਕਿ ਸਰਕਾਰ ਵੱਲੋਂ ਓਹੀ ਕੁਝ ਕੁ ਚੋਣਵੀਆਂ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸੇ ਸਬੰਧ ਵਿੱਚ ਸਸਪਾ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਈਮੇਲ ਰਾਹੀਂ ਲਿਖਤੀ ਪੱਤਰ ਵੀ ਭੇਜਿਆ ਹੈ। ਮੁੱਖ ਮੰਤਰੀ ਨੂੰ ਲਿਖੇ ਗਏ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਸਸਪਾ ਦੇ ਜਨਰਲ ਸਕੱਤਰ ਜਗਤਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਲੋਕ ਪ੍ਰਤੀਨਿਧਤਾ ਐਕਟ 1951 ਮੁਤਾਬਕ ਭਾਰਤ ਦੇ ਚੋਣ ਕਮਿਸ਼ਨਰ ਕੋਲ ਰਜਿਸਟਰਡ ਸਾਰੀਆਂ ਰਾਜਨੀਤਕ ਪਾਰਟੀਆਂ ਦੀ ਸ਼ਮੂਲੀਅਤ ਜ਼ਰੂਰੀ ਸੀ।