ਫ਼ਤਹਿਗੜ੍ਹ ਸਾਹਿਬ: ਕੇਂਦਰ ਦੇ ਗ੍ਰਹਿ ਮੰਤਰਾਲੇ ਵੱਲੋਂ ਹਰਿਆਣਾ ਵਿਧਾਨ ਸਭਾ ਦੀ ਇਮਾਰਤ ਲਈ ਲੋੜੀਂਦੀ ਜ਼ਮੀਨ ਚੰਡੀਗੜ੍ਹ ਵਿੱਚ ਦੇਣ ਸਬੰਧੀ ਕੀਤੇ ਨੋਟੀਫਿਕੇਸ਼ਨ ’ਤੇ ਵਿਰੋਧ ਜ਼ਾਹਿਰ ਕਰਦਿਆਂ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਜਾਂਦਾ ਹੈ। ਹੁਣ ਨਵੀਂ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਦੀ ਰੇਲਵੇ ਸਟੇਸ਼ਨ ਤੋਂ ਆਈਟੀ ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਦਿੱਤੀ ਜਾ ਰਹੀ ਹੈ, ਜਿਸ ਦੇ ਬਦਲੇ ’ਚ ਹਰਿਆਣਾ ਤੋਂ 12 ਏਕੜ ਜ਼ਮੀਨ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਪੰਜਾਬ ਅਤੇ ਪੰਜਾਬੀਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਸਥਾਪਤੀ ਪੰਜਾਬ ਦੇ ਦਰਜਨਾਂ ਪਿੰਡਾਂ ਦੀ ਹੋਂਦ ਨੂੰ ਖ਼ਤਮ ਕਰਨ ਨਾਲ ਹੋਈ ਹੈ ਜਿਸ ਕਰਕੇ ਇਸ ਸ਼ਹਿਰ `ਤੇ ਕੇਵਲ ਪੰਜਾਬ ਦਾ ਹੀ ਹੱਕ ਹੈ। -ਨਿੱਜੀ ਪੱਤਰ ਪ੍ਰੇਰਕ