ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਜੁਲਾਈ
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਸਸਤਾ ਇਲਾਜ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਦਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਰੋਧ ਸ਼ੁਰੂ ਹੋ ਗਿਆ ਹੈ। ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਰਕਾਰ ਵੱਲੋਂ ਇੱਥੋਂ ਦੇ ਫੇਜ਼-5 ਸਥਿਤ ਸੁਵਿਧਾ ਸੈਂਟਰਾਂ ਦੀ ਇਮਾਰਤ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾਣ ਦਾ ਤਿੱਖਾ ਵਿਰੋਧ ਕੀਤਾ ਹੈ। ਉਨ੍ਹਾਂ ਮੁਹੱਲਾ ਕਲੀਨਿਕ ਨੂੰ ਲੋਕਾਂ ਨਾਲ ਮਜ਼ਾਕ ਦੱਸਦਿਆਂ ਕਿਹਾ ਕਿ ਫੇਜ਼-5 ਵਿੱਚ ਪਹਿਲਾਂ ਹੀ ਇੱਕ ਗਲੀ ਛੱਡ ਕੇ ਧਰਾਨਾ ਭਵਨ ਵਿੱਚ ਬਹੁਤ ਵਧੀਆ ਸਰਕਾਰੀ ਡਿਸਪੈਂਸਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਦੇ ਨਾਂ ’ਤੇ ਆਪ ਸਰਕਾਰ ਸਿਰਫ਼ ਡਰਾਮੇਬਾਜ਼ੀ ਕਰ ਰਹੀ ਹੈ ਅਤੇ ਫੌਕੀ ਵਾਹਾ-ਵਾਹੀ ਖੱਟਣਾ ਚਾਹੁੰਦੀ ਹੈ ਤਾਂ ਜੋ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਵਿੱਚ ਸਿਆਸੀ ਲਾਹਾ ਲਿਆ ਜਾ ਸਕੇ।
ਡਿਪਟੀ ਮੇਅਰ ਬੇਦੀ ਕਿਹਾ ਕਿ ਪਿਛਲੀ ਸਰਕਾਰ ਸਮੇਂ ਫੇਜ਼-3ਬੀ1 ਵਿੱਚ ਸਰਕਾਰੀ ਡਿਸਪੈਂਸਰੀ ਨੂੰ ਅਪਗਰੇਡ ਕਰਕੇ ਹਸਪਤਾਲ ਬਣਾਇਆ ਗਿਆ ਹੈ ਅਤੇ ਇਸ ਪ੍ਰਾਜੈਕਟ ’ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ ਪ੍ਰੰਤੂ ਹਾਲੇ ਤੱਕ ਇਥੇ ਸਰਕਾਰੀ ਹਸਪਤਾਲ ਫੇਜ਼-6 ਤੋਂ ਡਾਕਟਰ ਡੈਪੂਟੇਸ਼ਨ ’ਤੇ ਆਉਂਦੇ ਹਨ। ਇੱਥੋਂ ਦੇ ਅਪਰੇਸ਼ਨ ਥੀਏਟਰ ਸਟੇਟ ਆਫ਼ ਆਰਟ ਬਣਿਆ ਹੋਇਆ ਹੈ, ਜਿਸ ਦੀ ਹਾਲੇ ਤੱਕ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਚੰਗੀ ਸ਼ੁਰੂਆਤ ਹੈ ਪ੍ਰੰਤੂ ਮੁਹੱਲਾ ਕਲੀਨਿਕ ਉੱਥੇ ਖੋਲ੍ਹੇ ਜਾਣ ਜਿੱਥੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਦੀ ਜ਼ਿਆਦਾ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਚੱਲ ਰਹੇ ਸਰਕਾਰੀ ਹਸਪਤਾਲ ਅਤੇ ਡਿਸਪੈਂਸਰੀਆਂ ਵਿੱਚ ਬਹੁਤ ਵੱਡੀਆਂ ਘਾਟਾਂ ਹਨ, ਜ਼ਿਆਦਾਤਰ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਉਪਲਬਧ ਨਹੀਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਨੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਤੋਂ ਲੋਕ ਖੁਸ਼ ਨਹੀਂ ਹਨ।