ਪੱਤਰ ਪ੍ਰੇਰਕ
ਕੁਰਾਲੀ, 18 ਅਕਤੂਬਰ
ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਪੰਜਾਬ ਦੀ ਸਿੱਖਿਆ ਸਕੱਤਰ ਅਤੇ ਹੋਰ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਹੋਈ। ਇਸ ਦੌਰਾਨ ਪੈਨਲ ਕਮੇਟੀ ਨੇ ਬੇਰੁਜ਼ਗਾਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਈ ਅਤੇ ਇਸ ਸਬੰਧੀ 31 ਅਕਤੂਬਰ ਨੂੰ ਲਿਖਤੀ ਜਵਾਬ ਦੇਣ ਦਾ ਭਰੋਸਾ ਦਿੱਤਾ। ਯੂਨੀਅਨ ਦੇ ਅਹੁਦੇਦਾਰਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 31 ਅਕਤੂਬਰ ਦੇ ਜਵਾਬ ਤੋਂ ਬਾਅਦ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਧਰਮਵੀਰ ਸਿੰਘ ਅਤੇ ਤਰੁਨ ਕੁਮਾਰ ਨੇ ਦੱਸਿਆ ਕਿ ਉਹ ਸਕੂਲਾਂ ਵਿੱਚ ਹਜ਼ਾਰਾਂ ਖਾਲੀ ਅਸਾਮੀਆਂ ਭਰਨ ਦੀ ਮੰਗ ਲਈ ਪਿਛਲੇ 10 ਸਾਲਾਂ ਤੋਂ ਲੜ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਪਿਛਲੇ 10 ਸਾਲਾਂ ਤੋਂ ਸਕੂਲਾਂ ਵਿੱਚ ਆਰਟ ਐਂਡ ਕਰਾਫਟ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਭਰਤੀ ਕਰਨ ਅਤੇ ਉਮਰ ਹੱਦ 42 ਸਾਲ ਕਰਨ ਦੀ ਮੰਗ ਕੀਤੀ।