ਹਰਜੀਤ ਸਿੰਘ
ਡੇਰਾਬੱਸੀ, 6 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਅੱਜ ਦੋਸ਼ ਲਾਇਆ ਕਿ ਪੰਜਾਬ ਦੀਆਂ ਪੰਚਾਇਤੀ ਚੋਣਾਂ ਵਿਚ ਹਾਰ ਦੇ ਡਰੋਂ ਪੰਜਾਬ ਦੀ ਸੱਤਾਧਾਰੀ ਧਿਰ ਨੇ ਲੋਕਤੰਤਰ ਦੇ ਘਾਣ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਸਥਾਨਕ ਵਿਧਾਇਕ ਦੇ ਇਸ਼ਾਰੇ ’ਤੇ ਡੇਰਾਬੱਸੀ ਪ੍ਰਸ਼ਾਸਨ ਨੇ ਸ਼ਰੇਆਮ ਕਥਿਤ ਧੱਕੇਸ਼ਾਹੀ ਕਰਦਿਆਂ ਵਿਰੋਧੀਆਂ ਦੇ ਪੰਚਾਂ ਅਤੇ ਸਰਪੰਚਾਂ ਦੇ ਨਾਮਜ਼ਦਗੀ ਪੱਤਰ ਬਿਨਾਂ ਕਿਸੇ ਕਾਰਨ ਰੱਦ ਕਰ ਦਿੱਤੇ ਗਏ। ਸ਼੍ਰੋਮਣੀ ਅਕਾਲੀ ਦਲ ਵੱਲੋਂ ਧੱਕੇਸ਼ਾਹੀ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਉਹ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਡੇਰਾਬੱਸੀ ਹਲਕੇ ਵਿਚ 60 ਦੇ ਕਰੀਬ ਪਿੰਡਾਂ ਦੇ ਲੋਕਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਜਿਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਗੇ ਹੋ ਕੇ ਲੜਾਈ ਲੜੇਗਾ।
ਸ੍ਰੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਤਾਂ ਸੂਬਾ ਸਰਕਾਰ ਪੰਚਾਇਤੀ ਚੋਣਾਂ ਕਰਵਾਉਣ ਦੇ ਹੱਕ ਵਿਚ ਨਹੀਂ ਸੀ ਪਰ ਹਾਈਕੋਰਟ ਦੇ ਹੁਕਮਾਂ ਕਰਕੇ ਉਨ੍ਹਾਂ ਨੂੰ ਮਜਬੂਰੀਵੱਸ ਚੋਣਾਂ ਕਰਵਾਉਣੀਆਂ ਪੈ ਰਹੀਆਂ ਹਨ। ਸਰਕਾਰ ਨੇ ਚੋਣਾਂ ਵਿਚ ਘਪਲੇਬਾਜ਼ੀ ਕਰਨ ਲਈ ਲੋਕ ਸਭਾ ਚੋਣਾਂ ਵਿਚ ਜਿਹੜੀਆਂ ਵੋਟਰ ਸੂਚੀਆਂ ਨੂੰ ਤਰਜੀਹ ਦਿੱਤੀ ਗਈ ਹੈ ਉਨ੍ਹਾਂ ਵਿਚ ਜ਼ਿਆਦਾਤਰ ਨੌਜਵਾਨ ਵੋਟਾਂ ਹੀ ਨਹੀਂ ਪਾ ਸਕਣਗੇ। ਇਸ ਤੋਂ ਇਲਾਵਾ ਵਾਰਡਬੰਦੀ ਵੀ ਆਪਣੇ ਚਹੇਤਿਆਂ ਨੂੰ ਫਾਇਦਾ ਪਹੁੰਚਾਉਣ ਦੇ ਮਕਸਦ ਨਾਲ ਕੀਤੀ ਗਈ ਹੈ। ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਕਈ ਪਿੰਡਾਂ ਵਿੱਚ ਜਿਥੇ ਇੱਕ ਵੀ ਐੱਸਸੀ ਪਰਿਵਾਰ ਨਹੀਂ ਹੈ ਉਸ ਨੂੰ ਰਾਖਵਾਂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਘਰ ਦੇ ਅੱਗੇ ਮਾਮੂਲੀ ਰੈਂਪ ਕੱਢਣ ਅਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਨਾ ਲਗਾਉਣ ਨੂੰ ਅਧਾਰ ਬਣਾ ਕੇ ਵਿਰੋਧੀਆਂ ਦੇ ਨਾਮਜ਼ਦਗੀ ਪੱਤਰ ਰੱਦ ਕਰਕੇ ਸਰਕਾਰ ਨੇ ਲੋਕਤੰਤਰ ਦਾ ਸ਼ਰੇਆਮ ਘਾਣ ਕੀਤਾ ਹੈ।