ਅਜੇ ਮਲਹੋਤਰਾ
ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 20 ਅਗਸਤ
ਦਿ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਦੇਸ਼ਾਂ ’ਤੇ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਅੱਜ ਜ਼ਿਲਾ ਹੈੱਡਕੁਆਰਟਰ ’ਤੇ ਧਰਨਾ ਦਿੱਤਾ ਗਿਆ।
ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸਜੀਤ ਸਿੰਘ ਤੇ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਜਥੇਬੰਦੀਆਂ 4 ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਦੇ ਰਹੀ। ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਗ਼ੈਰ ਸੰਵਿਧਾਨਿਕ ਬਦਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਵਿਰੋਧ ਕਰਦਿਆਂ ਉਨ੍ਹਾਂ ਵੱਲੋਂ ਚਾਰਜ ਤਬਦੀਲ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਧਰਨੇ ਵਿੱਚ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਨੰਬਰਦਾਰ ਯੂਨੀਅਨ, ਚੌਕੀਦਾਰ ਯੂਨੀਅਨ, ਕਿਸਾਨ ਯੂਨੀਅਨਾਂ ਦੇ ਆਗੂ ਸ਼ਾਮਲ ਹੋਏ।