ਜਗਮੋਹਨ ਸਿੰਘ
ਰੂਪਨਗਰ, 6 ਦਸੰਬਰ
ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਅੰਦਰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਮਿਲਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਨਿਰਾ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਡਾ. ਚੀਮਾ ਨੇ ਅੱਜ ਕੇ. ਸਰਪਾਲਜ਼ ਹੋਟਲ ਮਲਿਕਪੁਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਝੂਠ ਬੋਲ ਰਹੇ ਹਨ, ਜਦੋਂਕਿ ਅਸਲੀਅਤ ਇਹ ਹੈ ਕਿ ਲੋਕਾਂ ਕੋਲ ਹਾਲੇ ਵੀ 28 ਤੋਂ 30 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਪੁੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਬਲ ਦੀ ਕੀਮਤ 100 ਰੁਪਏ ਕਰਨ ਦੀ ਗੱਲ ਵੀ ਝੂਠੀ ਹੈ।
ਤੈਅ ਕੀਮਤ ਤੋਂ ਵੱਧ ਰੇਤਾ ਵੇਚਣ ’ਤੇ ਹੋਵੇਗੀ ਕਾਰਵਾਈ: ਜ਼ਿਲ੍ਹਾ ਮਾਈਨਿੰਗ ਅਫਸਰ
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹਾ ਮਾਈਨਿੰਗ ਅਫਸਰ ਸਰਬਜੀਤ ਸਿੰਘ ਗਿੱਲ ਨੇ ਕਿਹਾ ਕਿ ਜੇ ਕੋਈ ਵਿਅਕਤੀ ਸਰਕਾਰ ਵੱਲੋਂ ਤੈਅ ਕੀਮਤ ਤੋਂ ਵੱਧ ’ਤੇ ਰੇਤਾ ਵੇਚਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ 18001802422, 01722230061, 01722230063, 01722230064 ਅਤੇ 01722230065 ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੇਤਾ/ਬਜਰੀ ਦਾ ਪਿਟ ਹੈੱਡ ਤੇ ਰੇਟ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਫਿਕਸ ਕੀਤਾ ਗਿਆ ਹੈ।