ਆਤਿਸ਼ ਗੁਪਤਾ
ਚੰਡੀਗੜ੍ਹ, 9 ਸਤੰਬਰ
ਇਥੇ ਰੋਜ਼ਾਨਾ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਕੇਂਦਰ ਸਰਕਾਰ ਯੂਟੀ ਪ੍ਰਸ਼ਾਸਨ ਦੀ ਮਦਦ ਲਈ ਅੱਗੇ ਆਈ ਹੈ। ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਕੋਵਿਡ ਪ੍ਰਬੰਧਾਂ ਦੀ ਸਮੀਖਿਆ ਲਈ ਹਾਲ ਹੀ ਵਿੱਚ ਟੀਮ ਭੇਜੀ ਸੀ ਅਤੇ ਹੁਣ ਕਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਪੀਜੀਆਈ ਲਈ 10 ਵੈਂਟੀਲੇਟਰ ਅਤੇ ਸੈਕਟਰ-32 ਦੇ ਹਸਪਤਾਲ ’ਚ 20 ਵੈਂਟੀਲੇਟਰ ਭੇਜੇ ਹਨ। ਇਸ ਗੱਲ ਦਾ ਖੁਲਾਸਾ ਪੀਜੀਆਈ ਅਤੇ ਸੈਕਟਰ-32 ਹਸਪਤਾਲ ਦੇ ਅਧਿਕਾਰੀਆਂ ਨੇ ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੌਰਾਨ ਕੀਤਾ।
ਇਸੇ ਦੌਰਾਨ ਕੇਂਦਰ ਵੱਲੋਂ ਭੇਜੀ ਗਈ ਟੀਮ ਵੱਲੋਂ ਸ਼ਹਿਰ ਦੇ ਕੰਟੇਨਮੈਂਟ ਜ਼ੋਨਾਂ ਅਤੇ ਹੋਰਨਾਂ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਟੀਮ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਹਿਰ ਦੇ 16 ਸੈਕਟਰਾਂ ਵਿੱਚ ਲੰਘੇ ਦਿਨ ਮਾਈਕਰੋ ਕੰਟੇਨਮੈਂਟ ਜ਼ੋਨ ਵੀ ਬਣਾਏ ਗਏ ਸਨ। ਦੂਜੇ ਪਾਸੇ ਸ੍ਰੀ ਬਦਨੌਰ ਨੇ ਸ਼ਹਿਰ ਦੇ ਕੌਂਸਲਰਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ ਤਾਂ ਜੋ ਕਰੋਨਾਵਾਇਰਸ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਇਸੇ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਵੀ ਸ਼ਹਿਰ ਵਿਚਲੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਲਾਜ਼ਮੀ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਆ ਹੈ।
ਤਿੰਨੋਂ ਮੈਡੀਕਲ ਅਦਾਰਿਆਂ ਨੂੰ ਬੈੱਡ ਵਧਾਉਣ ਦੇ ਹੁਕਮ: ਯੂਟੀ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਚੰਡੀਗੜ੍ਹ ਦੇ ਤਿੰਨੋਂ ਅਹਿਮ ਮੈਡੀਕਲ ਅਦਾਰਿਆਂ (ਪੀਜੀਆਈ, ਸੈਕਟਰ-16 ਤੇ 32 ਦੇ ਹਸਪਤਾਲਾਂ) ਨੂੰ ਨਿਰਦੇਸ਼ ਦਿੱਤੇ ਕਿ ਉਹ ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਨੂੰ ਵੇਖਦਿਆਂ ਬੈੱਡਾਂ ਦੀ ਗਿਣਤੀ ਵਧਾਊਣ ਅਤੇ ਨਾਜ਼ੁਕ ਮਰੀਜ਼ਾਂ ਦੀ ਪਹਿਲ ਦੇ ਆਧਾਰ ’ਤੇ ਜਾਂਚ ਕਰਨ ਤਾਂ ਜੋ ਊਨ੍ਹਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ।
ਚੰਡੀਗੜ੍ਹ ਵਿੱਚ ਕਰੋਨਾ ਦੇ ਕੇਸ ਹਰ ਰੋਜ਼ ਤੇਜ਼ੀ ਨਾਲ ਵੱਧ ਰਹੇ ਹਨ ਜਿਸ ਕਾਰਨ ਪ੍ਰਸ਼ਾਸਨ ਵੀ ਚਿੰਤਤ ਹੈ ਤੇ ਇਸ ਔਖੀ ਘੜੀ ਵਿੱਚ ਕੇਂਦਰ ਵੱਲੋਂ ਮੈਡੀਕਲ ਊਪਕਰਨਾਂ ਰਾਹੀਂ ਕੀਤੀ ਗਈ ਮਦਦ ਕਾਫੀ ਲਾਹੇਵੰਦ ਸਾਬਤ ਹੋਵੇਗੀ। ਇਨ੍ਹਾਂ ਵੈਂਟੀਲੇਟਰਾਂ ਰਾਹੀਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।
ਨਿਗਮ ਕਮਿਸ਼ਨਰ ਨੂੰ ਕੰਟਰੋਲ ਰੂਮ ਸਥਾਪਤ ਕਰਨ ਦੇ ਹੁਕਮ
ਯੂਟੀ ਦੇ ਪ੍ਰਸ਼ਾਸਕ ਨੇ ਨਗਰ ਨਿਗਮ ਕਮਿਸ਼ਨਰ ਨੂੰ ਕੰਟਰੋਲ ਰੂਮ ਸਥਾਪਤ ਕਰਨ ਦੇ ਆਦੇਸ਼ ਦਿੱਤੇ ਹਨ ਜਿਥੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸ਼ੱਕੀ ਮਰੀਜ਼ਾਂ ਬਾਰੇ ਕੌਂਸਲਰ ਸੂਚਿਤ ਕਰ ਸਕਣਗੇ। ਕੌਂਸਲਰਾਂ ਦੀ ਜਾਣਕਾਰੀ ਦੇ ਆਧਾਰ ’ਤੇ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਨਗਰ ਨਿਗਮ ਕਮਿਸ਼ਨਰ ਕੇ.ਕੇ. ਯਾਦਵ ਨੇ ਪ੍ਰਸ਼ਾਸਕ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਭਲਕੇ ਕੰਟਰੋਲ ਰੂਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਦਿੱਤੇ ਜਾਣਗੇ। ਕਰੋਨਾ ’ਤੇ ਕਾਬੂ ਪਾਉਣ ਲਈ ਪ੍ਰਸ਼ਾਸਕ ਸ੍ਰੀ ਬਦਨੌਰ ਨੇ ਲੋਕਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਇਲਾਕਿਆਂ ਵਿੱਚ ਧਿਆਨ ਰੱਖਣ। ਇਸ ਦੌਰਾਨ ਜੇਕਰ ਕੋਈ ਵਿਅਕਤੀ ਕਰੋਨਾ ਦਾ ਸ਼ੱਕੀ ਮਰੀਜ਼ ਪਾਇਆ ਜਾਂਦਾ ਹੈ ਤਾਂ ਉਸ ਸਬੰਧੀ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ। ਸ੍ਰੀ ਬਦਨੌਰ ਨੇ ਲੋਕਾਂ ਨੂੰ ਕਰੋਨਾ ਖ਼ਿਲਾਫ਼ ਜੰਗ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਵਿਅਕਤੀ ਆਪਣੇ ਆਲੇ-ਦੁਆਲੇ ਦੇ ਵਸਨੀਕਾਂ ਬਾਰੇ ਚੌਕਸ ਰਹੇ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਪਾਇਆ ਜਾਂਦਾ ਹੈ ਤਾਂ ਉਸ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।