ਆਤਿਸ਼ ਗੁਪਤਾ
ਚੰਡੀਗੜ੍ਹ, 3 ਜੁਲਾਈ
ਪੰਜਾਬ ਵਿੱਚ ਬਿਜਲੀ ਸੰਕਟ ਕਾਰਨ ਸਿਆਸਤ ਭਖਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਦੇ ਖੇਤੀ ਅਤੇ ਘਰੇਲੂ ਖੇਤਰ ’ਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚੇ, ਜਿਨ੍ਹਾਂ ਨੂੰ ਪੁਲੀਸ ਨੇ ਕੁਝ ਦੂਰੀ ’ਤੇ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ‘ਆਪ’ ਵਰਕਰਾਂ ਨੇ ਪੁਲੀਸ ਦੇ ਲਗਾਏ ਬੈਰੀਕੇਡ ਤੋੜ ਦਿੱਤੇ। ਇਸ ਕਾਰਨ ਪੁਲੀਸ ਅਤੇ ‘ਆਪ’ ਵਰਕਰਾਂ ਵਿਚਕਾਰ ਖਿੱਚ ਧੂਹ ਹੋਈ। ਪੁਲੀਸ ਨੇ ‘ਆਪ’ ਆਗੂਆਂ ’ਤੇ ਜਲ ਤੋਪਾਂ ਦੀ ਵਰਤੋਂ ਕੀਤੀ ਹੈ। ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸਾਰੇ ਵਿਧਾਇਕਾਂ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਸ੍ਰੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਕੀਤੇ ਗਏ ਗਲਤ ਬਿਜਲੀ ਸਮਝੌਤਿਆਂ ਨੂੰ ਕੈਪਟਨ ਸਰਕਾਰ ਵੀ ਚਲਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਬਿਨਾਂ ਰੁਕਾਵਟ ਦੇ ਬਿਜਲੀ ਦੀ ਸਪਲਾਈ ਦਿੱਤੀ ਜਾਵੇ।