ਕੁਲਦੀਪ ਸਿੰਘ
ਚੰਡੀਗੜ੍ਹ, 11 ਜਨਵਰੀ
ਯੂ.ਟੀ. ਪਾਵਰਮੈਨ ਯੂਨੀਅਨ ਦੇ ਸੱਦੇ ’ਤੇ ਚੰਡੀਗੜ੍ਹ ਦੇ ਬਿਜਲੀ ਕਾਮਿਆਂ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਦੀ ਫਾਈਲ ਕਲੀਅਰ ਕਰਨ ਅਤੇ ਬਿਜਲੀ ਦਾ ਕੰਮ ਪ੍ਰਾਈਵੇਟ ਕੰਪਨੀ ਨੂੰ ਦੇਣ ਦੇ ਵਿਰੋਧ ਵਿੱਚ ਅੱਜ ਸੈਕਟਰ 17 ਸਥਿਤ ਬਿਜਲੀ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਿਸ ਵਿੱਚ ਸ਼ਾਮਿਲ ਕਾਮਿਆਂ ਵੱਲੋਂ ਕੇਂਦਰ ਸਰਕਾਰ ਅਤੇ ਯੂ.ਟੀ. ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਤੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 16 ਫ਼ਰਵਰੀ 2021 ਨੂੰ ਦਿੱਤੇ ਗਏ ਫ਼ੈਸਲੇ ਦੀ ਉਲੰਘਣਾ ਕੀਤੀ ਹੈ ਜਿਸ ਵਿੱਚ ਹਾਈ ਕੋਰਟ ਨੇ ਸਪੱਸ਼ਟ ਫ਼ੈਸਲਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਕੋਈ ਵੀ ਫੈਸਲਾ ਅਤੇ ਕਾਰਵਾਈ ਹਾਈ ਕੋਰਟ ਦੇ ਅੰਤਿਮ ਫੈਸਲੇ ’ਤੇ ਨਿਰਭਰ ਕਰੇਗਾ ਪਰ ਦੁੱਖ ਦੀ ਗੱਲ ਹੈ ਕਿ ਪ੍ਰਸ਼ਾਸਨ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਨਜ਼ਰਅੰਦਾਜ਼ ਕਰਦਿਆਂ ਟੈਂਡਰ ਦੀ ਬੋਲੀ ਖੋਲ੍ਹ ਦਿੱਤੀ ਅਤੇ ਕੇਂਦਰ ਸਰਕਾਰ ਨੂੰ ਹਨੇਰੇ ਵਿਚ ਰੱਖਦਿਆਂ ਇਸ ’ਤੇ ਕੈਬਨਿਟ ਦੀ ਮੋਹਰ ਲਗਵਾ ਲਈ, ਜੋ ਸਿੱਧੇ ਤੌਰ ’ਤੇ ਅਦਾਲਤੀ ਹੁਕਮਾਂ ਦੀ ਮਾਣਹਾਨੀ ਹੈ ਕਿਉਂਕਿ ਹਾਈਕੋਰਟ ਨੇ ਹੁਣੇ ਹੀ ਮੈਰਿਟ ਦੇ ਆਧਾਰ ’ਤੇ ਅੰਤਿਮ ਫ਼ੈਸਲਾ ਨਹੀਂ ਦਿੱਤਾ ਹੈ ਅਤੇ ਅਦਾਲਤ ’ਚ ਅਗਲੀ ਸੁਣਵਾਈ 20 ਜਨਵਰੀ ਹੈ।
ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਟਰੱਸਟ ਬਣਾ ਕੇ ਮੁਲਾਜ਼ਮਾਂ ਦੇ ਫੰਡ ਹੜੱਪਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਯੂਨੀਅਨ ਦੇ ਉਪ-ਪ੍ਰਧਾਨ ਗੁਰਮੀਤ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ, ਕਸ਼ਮੀਰ ਸਿੰਘ, ਪਾਨ ਸਿੰਘ, ਰੇਸ਼ਮ ਸਿੰਘ ਨੇ ਚੰਡੀਗੜ੍ਹ ਪ੍ਰਸ਼ਾਸਨ ਉਤੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨਿੱਜੀਕਰਨ ਦੀ ਦੌੜ ਵਿੱਚ ਇੰਨਾ ਅੰਨ੍ਹਾ ਹੋ ਚੁੱਕਾ ਹੈ ਕਿ ਬਿਜਲੀ ਮੁਲਾਜ਼ਮਾਂ ਦੇ ਸੋਧੇ ਹੋਏ ਤਨਖਾਹ ਸਕੇਲ ਵੀ ਨਹੀਂ ਦਿੱਤੇ ਜਾ ਰਹੇ।
ਫੈਡਰੇਸ਼ਨ ਆਫ਼ ਯੂ.ਟੀ. ਐਂਪਲਾਈਜ਼ ਐਂਡ ਵਰਕਰਜ਼ ਦੇ ਪ੍ਰਧਾਨ ਰਘਵੀਰ ਚੰਦ, ਰਾਜਿੰਦਰ ਕਟੋਚ, ਹਰਪਾਲ ਸਿੰਘ, ਹਰਕੇਸ਼ ਚੰਦ ਤੋਂ ਇਲਾਵਾ ਯੂ.ਟੀ.ਐਮ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ, ਜਨਰਲ ਸਕੱਤਰ ਸੁੱਚਾ ਸਿੰਘ ਆਦਿ ਨੇ ਕਿਹਾ ਕਿ ਸੇਵਾ ਸ਼ਰਤਾਂ ਉਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਜਿਸ ਦੇ ਖਿਲਾਫ਼ ਸਾਰੇ ਵਿਭਾਗਾਂ ਦੇ ਕਰਮਚਾਰੀ ਵੀ ਹੜਤਾਲ ’ਤੇ ਜਾਣਗੇ। ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਬੁਲਾਰਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 1 ਫਰਵਰੀ 2022 ਨੂੰ ਸਾਰੀਆਂ ਸ਼ਿਫ਼ਟਾਂ ਵਿੱਚ ਮੁਕੰਮਲ ਹੜਤਾਲ ਅਤੇ 23-24 ਫ਼ਰਵਰੀ ਨੂੰ ਦੋ ਰੋਜ਼ਾ ਹੜਤਾਲ ਦਾ ਐਲਾਨ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਹੜਤਾਲ ਤੋਂ ਪਹਿਲਾਂ ਰੈਲੀਆਂ, ਮੁਜ਼ਾਹਰੇ ਅਤੇ ਰੋਸ ਮਾਰਚ ਕੀਤੇ ਜਾਣਗੇ ਅਤੇ ਇਸੇ ਕੜੀ ਵਿੱਚ 18 ਜਨਵਰੀ ਨੂੰ ਨਿੱਜੀਕਰਨ ਵਿਰੁੱਧ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਗਵਰਨਰ ਹਾਊਸ ਤੱਕ ਰੋਸ ਮਾਰਚ ਜਾਵੇਗਾ।