ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 21 ਦਸੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਪਾਵਰਕੌਮ ਦੇ ਇੱਕ ਜੂਨੀਅਰ ਇੰਜਨੀਅਰ (ਜੇਈ) ਅਤੇ ਉਸ ਦੇ ਦਲਾਲ ਨੂੰ 90 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖ਼ੁਲਾਸਾ ਵਿਜੀਲੈਂਸ ਬਿਊਰੋ ਦੇ ਏਆਈਜੀ ਅਸ਼ੀਸ਼ ਕਪੂਰ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਥਾਣਾ ਮੁਹਾਲੀ ਵਿਖੇ ਜੇਈ ਮਲਕੀਤ ਸਿੰਘ ਅਤੇ ਦਲਾਲ ਪ੍ਰਦੀਪ ਕੁਮਾਰ ਮਿੰਟੂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਆਟਾ ਚੱਕੀ ਦੇ ਮਾਲਕ ਕੁਸ਼ਲ ਪਾਲ ਸਿੰਘ ਵਾਸੀ ਪਿੰਡ ਖੇਲ੍ਹਣ (ਜ਼ਿਲ੍ਹਾ ਮੁਹਾਲੀ) ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਮਿੰਟੂ ਇਲੈਕਟ੍ਰੀਕਲ ਦੀ ਦੁਕਾਨ ਕਰਦਾ ਹੈ ਅਤੇ ਜੇਈ ਦਾ ਗੂੜ੍ਹਾ ਮਿੱਤਰ ਹੈ। ਦੋਵਾਂ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੀੜਤ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਏਆਈਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਹੇਠ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 90 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।