ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 21 ਨਵੰਬਰ
ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੱਦ ਕੀਤੇ ਜਾਣ ਦੇ ਐਲਾਨ ਦੀ ਖੁਸ਼ੀ ਵਿੱਚ ਪਿੰਡ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਵਿੱਚ ਨਗਰ ਖੇੜਾ ਦੇ ਅਸਥਾਨ ’ਤੇ ਮੱਥਾ ਟੇਕ ਕੇ ਲੱਡੂ ਵੰਡੇ ਗਏ ਅਤੇ ਸਰਹੱਦਾਂ ਉੱਤੇ ਬੈਠੇ ਕਿਸਾਨਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸਕੱਤਰ ਸਤਵੀਰ ਸਿੰਘ ਸੱਤੀ ਤੇ ਸਾਬਕਾ ਸਰਪੰਚ ਨਾਇਬ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਇਕਜੁੱਟਤਾ ਨਾਲ ਲੜੇ ਸੰਘਰਸ਼ ਦੀ ਜਿੱਤ ਬਹੁਤ ਵੱਡੀ ਪ੍ਰਾਪਤੀ ਹੈ। ਇਸੇ ਤਰ੍ਹਾਂ ਨਵਾਂ ਗਾਉਂ, ਕਾਂਸਲ ਸਮੇਤ ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡਾਂ ਵਿੱਚ ਕਿਸਾਨਾਂ ਤੇ ਮਜ਼ਦੂਰਾਂ ’ਚ ਖੁਸ਼ੀ ਦੀ ਲਹਿਰ ਹੈ।
ਖਰੜ (ਪੱਤਰ ਪ੍ਰੇਰਕ): ਯੂਥ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਘੜੂੰਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਸਬੰਧੀ ਤਿੰਨ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਇਤਿਹਾਸਕ ਜਿੱਤ ਹੋਈ ਹੈ।
ਰੂਪਨਗਰ (ਪੱਤਰ ਪ੍ਰੇਰਕ): ਇੱਥੇ ਸੰਯੁਕਤ ਕਿਸਾਨ ਮੋਰਚਾ ਰੂਪਨਗਰ ਦੀ ਮੀਟਿੰਗ ਹੋਈ, ਜਿਸ ਵਿੱਚ ਕੇਂਦਰੀ ਐਲਾਨ ਦੀ ਸਮੂਹ ਸੰਘਰਸ਼ੀ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਨੂਰਪੁਰ ਬੇਦੀ ਅਤੇ ਸ੍ਰੀ ਆਨੰਦਪੁਰ ਸਾਹਿਬ ਇਲਾਕਿਆਂ ਵਿੱਚ ਮੀਂਹ ਕਾਰਨ ਝੋਨੇ ਦੀ ਖਰੀਦ ਪ੍ਰਭਾਵਿਤ ਹੋਈ ਹੈ। ਇਸ ਸਬੰਧੀ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਫ਼ਸਲ ਦਾ ਦਾਣਾ ਦਾਣਾ ਖ਼ਰੀਦੇ ਅਤੇ ਸੁੰਡੀ ਕਾਰਨ ਹੋਇਆ ਮੱਕੀ ਦੀ ਫਸਲ ਦਾ ਮੁਆਵਜ਼ਾ ਛੇਤੀ ਦਿੱਤਾ ਜਾਵੇ। ਇਸ ਮੌਕੇ ਅਮਰਿੰਦਰ ਸਿੰਘ ਮਾਹਲਾਂ, ਜਰਨੈਲ ਸਿੰਘ, ਗੁਰਇਕਬਾਲ ਸਿੰਘ ਬਰਦਾਰ, ਭਗਤ ਸਿੰਘ ਬਿੱਕੋਂ ਤੇ ਮੇਹਰ ਸਿੰਘ ਆਦਿ ਹਾਜ਼ਰ ਸਨ।
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ‘ਆਪ’ ਹਲਕਾ ਅਮਲੋਹ ਦੇ ਸੀਨੀਅਰ ਆਗੂ ਅਤੇ ਕੌਂਸਲ ਦੇ ਸਾਬਕਾ ਪ੍ਰਧਾਨ ਜਗਮੀਤ ਸਿੰਘ ਸਹੋਤਾ ਬਾਵਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਨੂੰਨ ਰੱਦ ਕਰਨ ਦਾ ਲਿਆ ਫ਼ੈਸਲਾ ਕਿਸਾਨਾਂ ਦੀ ਮਿਹਨਤ ਦਾ ਨਤੀਜਾ ਹੈ।
ਕੁਰਾਲੀ (ਪੱਤਰ ਪ੍ਰੇਰਕ): ਸਥਾਨਕ ਸ਼ਹਿਰ ਦੇ ਲਾਈਟਾਂ ਵਾਲੇ ਚੌਕ ’ਚ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਸਾਨਾਂ ਨੂੰ ਸੰਘਰਸ਼ ਵਿੱਚ ਮਿਲੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ। ਇਸ ਮੌਕੇ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਕਿਹਾ ਕਿ ਇਹ ਜਿੱਤ ਕਿਸਾਨਾਂ, ਵਪਾਰੀਆਂ ਅਤੇ ਮਜ਼ਦੂਰਾਂ ਦੇ ਸੰਘਰਸ਼ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਕਿਸਾਨ ਭਰਾਵਾਂ ਦੀ ਜਿੱਤ ਹੈ।
ਕਿਸਾਨਾਂ ਦੀ ਹਮਾਇਤ ਵਿੱਚ ਭੁੱਖ ਹੜਤਾਲ ਜਾਰੀ
ਐਸ.ਏ.ਐਸ.ਨਗਰ(ਮੁਹਾਲੀ) (ਖੇਤਰੀ ਪ੍ਰਤੀਨਿਧ): ਸਯੁੰਕਤ ਕਿਸਾਨ ਮੋਰਚੇ ਵੱਲੋਂ ਆਰੰਭੇ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਪੁਆਧ ਖੇਤਰ ਵੱਲੋਂ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਉਢੀ ਨੇੜੇ ਆਰੰਭੀ ਲੜੀਵਾਰ ਭੁੱਖ ਹੜਤਾਲ ਅੱਜ 169ਵੇਂ ਦਿਨ ਵੀ ਜਾਰੀ ਰਹੀ। ਅੱਜ ਪਿੰਡ ਸੋਹਾਣਾ ਦੇ ਸੇਵਾਦਾਰ ਭੁੱਖ ਹੜਤਾਲ ’ਤੇ ਬੈਠੇ। ਭੁੱਖ ਹੜਤਾਲ ਦੇ ਪ੍ਰਬੰਧਕਾਂ ਦਵਿੰਦਰ ਸਿੰਘ ਬੌਬੀ, ਅਮਨ ਪੂਨੀਆ, ਹਰਵਿੰਦਰ ਸਿੰਘ ਨੰਬਰਦਾਰ ਅਤੇ ਮਿੰਦਰ ਸੋਹਾਣਾ ਨੇ ਦੱਸਿਆ ਕਿ ਸਯੁੰਕਤ ਕਿਸਾਨ ਮੋਰਚੇ ਦੇ ਫੈਸਲੇ ਤੱਕ ਇਹ ਭੁੱਖ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਜਿਹੜਾ ਵੀ ਫੈਸਲਾ ਲੈਣਗੀਆਂ, ਉਸ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਇੱਥੇ ਪੁਆਧੀ ਕਿਸਾਨਾਂ ਦੀ ਭਰਵੀਂ ਇਕੱਤਰਤਾ ਕਰ ਕੇ ਅਗਲੇਰੀ ਰਣਨੀਤੀ ਵੀ ਉਲੀਕੀ ਜਾਵੇਗੀ।
ਕਾਂਗਰਸ ਵੱਲੋਂ ਮੋਮਬੱਤੀ ਮਾਰਚ ਰਾਹੀਂ ਕਿਸਾਨਾਂ ਨੂੰ ਸ਼ਰਧਾਂਜਲੀ
ਅੰਬਾਲਾ (ਨਿਜੀ ਪੱਤਰ ਪ੍ਰੇਰਕ): ਕਿਸਾਨ ਅੰਦੋਲਨ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 700 ਤੋਂ ਵੱਧ ਕਿਸਾਨਾਂ ਦੀਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਕਾਂਗਰਸ ਪਾਰਟੀ ਵੱਲੋਂ ਸ਼ਾਮ ਨੂੰ ਸ਼ਹਿਰ ਦੇ ਜਗਾਧਰੀ ਗੇਟ ’ਤੇ ਸ਼ਰਧਾਂਜਲੀ ਯਾਤਰਾ ਕੱਢੀ ਗਈ। ਇਸ ਮੌਕੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨੇ ਮੋਮਬੱਤੀਆਂ ਜਗਾ ਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਕਮੇਟੀ ਦੇ ਪ੍ਰਦੇਸ਼ ਵਿੱਤ ਸਕੱਤਰ ਐਡਵੋਕੇਟ ਰੋਹਿਤ ਜੈਨ ਨੇ ਕਿਹਾ ਕਿ ਕਿਸਾਨਾਂ ਨੇ ਆਪਣੇ 700 ਤੋਂ ਵੱਧ ਭਰਾਵਾਂ ਦੀ ਜਾਨ ਚਲੀ ਜਾਣ ਦੇ ਬਾਅਦ ਵੀ ਸ਼ਾਂਤੀ ਅਤੇ ਸੰਜਮ ਦਾ ਰਾਹ ਨਹੀਂ ਛੱਡਿਆ।