ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 5 ਜੁਲਾਈ
ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੂਬੇ ਦੀ ‘ਆਪ’ ਸਰਕਾਰ ਅਣਥੱਕ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵੱਧ ਤੋਂ ਵੱਧ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਅਤੇ ਟੌਰੀਫਿਕੇਸ਼ਨ ਪਲਾਂਟ ਲਗਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਬਾਬਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 40 ਫੀਸਦੀ ਵਨ ਟਾਈਮ ਫਾਇਨਾਂਸ਼ੀਅਲ ਅਸਿਸਟੈਂਸ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਪਲਾਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਸ਼੍ਰੀਮਤੀ ਜੈਨ ਨੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਸਬੰਧੀ ਜ਼ੀਰੋ ਬਰਨਿੰਗ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਰੀਬ 600 ਕਿੱਲੋ ਕੈਰੀ ਅਤੇ ਕੈਰੀ ਬੈਗ ਬਣਾਉਣ ਵਾਲੀ ਮਸ਼ੀਨਰੀ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਕੋਈ ਵਿਅਕਤੀ, ਅਦਾਰਾ ਜਾਂ ਯੂਨਿਟ ਜਲ ਸਰੋਤਾਂ ਵਿੱਚ ਸੌਲਿਡ ਵੇਸਟ ਡੰਪ ਕਰਦਾ ਹੈ, ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ੍ਰੀਮਤੀ ਜੈਨ ਨੇ ਨਵਾਂ ਗਰਾਓਂ ਵਿੱਚ ਲੱਗਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਸਬੰਧੀ ਕਾਰਵਾਈ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਇੰਦਰਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।