ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਸਤੰਬਰ
ਚੰਡੀਗੜ੍ਹ ’ਚ ਵੱਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ’ਚ ਧਰਨੇ ਦੇਣ ਅਤੇ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਨੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਬਾਰੇ ਕਾਰਜਕਾਰੀ ਡਿਪਟੀ ਕਮਿਸ਼ਨਰ ਕੇ.ਕੇ. ਯਾਦਵ ਨੇ ਦੱਸਿਆ ਕਿ ਕੁਝ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਸੈਕਟਰ-25 ਦੇ ਰੈਲੀ ਗਰਾਊਂਡ ’ਚ ਧਰਨੇ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ’ਚ 16 ਸਤੰਬਰ ਰਾਤ ਨੂੰ 12 ਵਜੇ ਤੋਂ ਧਾਰਾ 144 ਲਾਗੂ ਹੋ ਜਾਵੇਗੀ। ਇਸ ਤੋਂ ਬਾਅਦ ਸ਼ਹਿਰ ’ਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਧਾਰਾ 188 ਆਈਪੀਸੀ ਤਹਿਤ ਕਾਰਵਾਈ ਕੀਤੀ ਜਾਵੇਗੀ।