ਪੱਤਰ ਪ੍ਰੇਰਕ
ਚੰਡੀਗੜ੍ਹ, 28 ਫ਼ਰਵਰੀ
ਇੱਥੇ ਸੈਕਟਰ-16 ਸਥਿਤ ਸਰਕਾਰੀ ਮਲਟੀ ਸਪੈਸ਼ਲਟੀ ਹਸਪਤਾਲ (ਜੀਐੱਮਐੱਸਐੱਚ) ਦੇ ਕਾਮਿਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰ ਕੇ ਮੈਡੀਕਲ ਅਤੇ ਹੈਲਥਕੇਅਰ ਕੰਟਰੈਕਚੁਅਲ ਵਰਕਰਜ਼ ਯੂਨੀਅਨ ਵੱਲੋਂ ਅੱਜ ਹਸਪਤਾਲ ਦੇ ਪ੍ਰਬੰਧਕੀ ਬਲਾਕ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਤਨਖਾਹਾਂ ਤੁਰੰਤ ਜਾਰ ਕਰਨ ਦੀ ਮੰਗ ਕੀਤੀ ਗਈ।
ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਰਾਹੁਲ ਦੱਤ ਸ਼ਰਮਾ, ਜਨਰਲ ਸਕੱਤਰ ਮਨੋਜ ਕੁਮਾਰ, ਪ੍ਰੈੱਸ ਸਕੱਤਰ ਸਿਮਰਨਜੀਤ ਸਿੰਘ, ਕੈਸ਼ੀਅਰ ਰਾਜ ਕੁਮਾਰ, ਹਰਦੀਪ ਅਤੇ ਦੀਪਕ ਆਦਿ ਨੇ ਕਿਹਾ ਕਿ ਕਾਮਿਆਂ ਨੂੰ ਦਸੰਬਰ ਅਤੇ ਜਨਵਰੀ ਮਹੀਨਿਆਂ ਦੀਆਂ ਤਨਖਾਹਾਂ ਨਹੀਂ ਮਿਲੀਆਂ ਹਨ, ਜਿਸ ਕਰਕੇ ਉਨ੍ਹਾਂ ਲਈ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਔਖਾ ਹੋਇਆ ਪਿਆ ਹੈ। ਪ੍ਰਬੰਧਨ ਨੂੰ ਸੰਘਰਸ਼ ਸ਼ੁਰੂ ਕਰਨ ਦਾ ਨੋਟਿਸ ਵੀ ਦਿੱਤਾ ਗਿਆ ਅਤੇ ਬੀਤੇ ਦਿਨ ਰੋਸ ਪ੍ਰਦਰਸ਼ਨ ਕਰ ਕੇ ਕਾਮਿਆਂ ਦੀਆਂ ਤਨਖਾਹਾਂ ਨਾ ਮਿਲਣ ਵੱਲ ਫਿਰ ਧਿਆਨ ਦਿਵਾਇਆ ਗਿਆ ਪ੍ਰੰਤੂ ਕੋਈ ਸੁਣਵਾਈ ਨਹੀਂ ਹੋਈ। ਅੱਜ ਦੂਸਰੇ ਦਿਨ ਵੀ ਮਜਬੂਰ ਹੋ ਕੇ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਤਨਖਾਹਾਂ ਜਾਰੀ ਨਾ ਕੀਤੀਆਂ ਤਾਂ ਸਿਹਤ ਕਾਮੇ ਲਗਾਤਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।