ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 11 ਸਤੰਬਰ
ਮੁਹਾਲੀ ਵਿਚਲੇ ਪਬਲਿਕ ਪਖਾਨਿਆਂ ਦੇ ਸਫ਼ਾਈ ਕਰਮਚਾਰੀਆਂ ਅਤੇ ਵੱਖ-ਵੱਖ ਦਲਿਤ ਸੰਗਠਨਾਂ ਨੇ ਬੁੱਧਵਾਰ ਨੂੰ ਨਗਰ ਨਿਗਮ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਭ੍ਰਿਸ਼ਟਾਚਾਰ ਦਾ ਘੜਾ ਭੰਨ ਕੇ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਪਬਲਿਕ ਪਖਾਨਿਆਂ ਦੇ ਸਫ਼ਾਈ ਕਾਮਿਆਂ ਨੂੰ ਬਿਨਾਂ ਨੋਟਿਸ ਦਿੱਤੇ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ ਤੇ ਇਨ੍ਹਾਂ ਨੂੰ ਪਿਛਲੇ ਪੰਜ ਮਹੀਨਿਆਂ ਦੀ ਰੋਕੀ ਤਨਖ਼ਾਹ ਵੀ ਨਹੀਂ ਦਿੱਤੀ ਜਾ ਰਹੀ। ਪੀੜਤ ਕਰਮਚਾਰੀਆਂ ਨੇ ਨਿਗਮ ਦੇ ਅਮਲੇ ’ਤੇ ਦੁਬਾਰਾ ਕੰਮ ਉੱਤੇ ਰੱਖਣ ਲਈ ਰਿਸ਼ਵਤ ਮੰਗਣ ਦੇ ਵੀ ਦੋਸ਼ ਲਾਏ ਹਨ।
ਅੱਜ ਸਫ਼ਾਈ ਕਾਮੇ ਇੱਥੋਂ ਦੇ ਫੇਜ਼-7 ਲਾਲ ਬੱਤੀ ਚੌਕ ਨੇੜੇ ਚੱਲ ਰਹੇ ਐਸਸੀ/ਬੀਸੀ ਮਹਾਂ ਪੰਚਾਇਤ ਦੇ ਪੱਕੇ ਮੋਰਚੇ ਵਿੱਚ ਪਹੁੰਚੇ ਤੇ ਕਾਲੇ ਚੋਗੇ ਪਾ ਕੇ ਰੋਸ ਮਾਰਚ ਕਰਦੇ ਹੋਏ ਨਗਰ ਨਿਗਮ ਦਫ਼ਤਰ ਪਹੁੰਚੇ ਤੇ ਧਰਨਾ ਲਗਾ ਕੇ ਬੈਠ ਗਏ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਦੋਸ਼ ਲਾਇਆ ਕਿ ਨਗਰ ਨਿਗਮ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕਾ ਹੈ। ਗਮਾਡਾ, ਪੁੱਡਾ, ਪੰਚਾਇਤ ਵਿਭਾਗ, ਸਿੱਖਿਆ ਵਿਭਾਗ ਦਾ ਵੀ ਇਹੋ ਹਾਲ ਹੈ। ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂ ਰਿਸ਼ੀਰਾਜ ਮਹਾਰ ਨੇ ਕਿਹਾ ਕਿ ਦਲਿਤ ਸਮਾਜ ‘ਆਪ’ ਨੂੰ ਵੋਟਾਂ ਪਾ ਕੇ ਪਛਤਾਅ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਿਸ਼ਵਤ ਮੰਗਣ ਵਾਲੇ ਅਮਲੇ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਪਰਚਾ ਦਰਜ ਕੀਤਾ ਜਾਵੇ। ਨਰੇਗਾ ਵਰਕਰ ਫਰੰਟ ਦੇ ਸੂਬਾ ਪ੍ਰਧਾਨ ਅਜੈਬ ਸਿੰਘ ਬਠੋਈ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।
ਸਫਾਈ ਕਾਮਿਆਂ ਵੱਲੋਂ ਕੌਂਸਲ ਦਫਤਰ ਅੱਗੇ ਪ੍ਰਦਰਸ਼ਨ
ਲਾਲੜੂ (ਸਰਬਜੀਤ ਸਿੰਘ ਭੱਟੀ): ਨਗਰ ਕੌਂਸਲ ਲਾਲੜੂ ਅਧੀਨ ਲਗਾਤਾਰ 10-12 ਸਾਲਾਂ ਤੋਂ ਕੰਮ ਕਰਦੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਮੁਲਾਜ਼ਮਾਂ ਨੇ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਜਨਰਲ ਸਕੱਤਰ ਨਵੀਨ ਸਿੰਘ, ਚੇਅਰਮੈਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਖਦੇਵ ਸਿੰਘ ਸੈਣੀ ਉੱਚੇਚੇ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ। ਇਸ ਮੌਕੇ ਸਫ਼ਾਈ ਕਾਮਿਆਂ ਨੇ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸੇ ਦੌਰਾਨ ਨਗਰ ਕੌਂਸਲ ਦੇ ਈਓ ਗੁਰਬਖਸ਼ੀਸ ਸਿੰਘ ਨੇ ਯੂਨੀਅਨ ਆਗੂਆਂ ਨੂੰ ਲਿਖਤੀ ਪੱਤਰ ਰਾਹੀਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗਾਂ ਸਬੰਧੀ 17 ਸਤੰਬਰ ਨੂੰ ਵਿਸ਼ੇਸ਼ ਮੀਟਿੰਗ ਬੁਲਾ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਉਪਰੰਤ ਸਫ਼ਾਈ ਕਰਮਚਾਰੀਆਂ ਨੇ ਪ੍ਰਦਰਸ਼ਨ ਬੰਦ ਕੀਤਾ।