ਹਰਜੀਤ ਸਿੰਘ
ਜ਼ੀਰਕਪੁਰ, 18 ਅਗਸਤ
ਜ਼ੀਰਕਪੁਰ ਸ਼ਿਮਲਾ ਹਾਈਵੇਅ ’ਤੇ ਪੰਚਕੂਲਾ ਬੈਰੀਅਰ ਦੇ ਨੇੜੇ ਵੀਰਵਾਰ ਸਵੇਰ ਇਕ ਲਗਜ਼ਰੀ ਪੋਰਸ਼ ਕਾਰ ਦੀ ਟੱਕਰ ਵੱਜਣ ਨਾਲ ਇਕ ਗਾਂ ਦੀ ਮੌਤ ਹੋ ਗਈ। ਹਾਦਸਾ ਐਨਾ ਭਿਆਨਕ ਸੀ ਕਿ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਤੋਂ ਬਾਅਦ ਰੋਹ ਵਿੱਚ ਆਏ ਗਊ ਰਕਸ਼ਕ ਦਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਦੋ ਘੰਟੇ ਹਾਈਵੇਅ ਦੀ ਇਕ ਲੇਨ ਦੋ ਘੰਟੇ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਾਰ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀਆਂ ਵੱਲੋਂ ਕਾਰਵਾਈ ਦਾ ਭਰੋਸਾ ਦੇ ਕੇ ਲੋਕਾਂ ਨੂੰ ਸ਼ਾਂਤ ਕੀਤਾ।
ਮੁਜ਼ਾਹਰਾਕਾਰੀਆਂ ਨੇ ਕਿਹਾ ਕਿ ਇਹ ਹਾਦਸਾ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲਗਾਤਾਰ ਆਵਾਰਾ ਪਸ਼ੂਆਂ ਦੀ ਤਾਦਾਦ ਵਧਦੀ ਜਾ ਰਹੀ ਹੈ ਜਿਨ੍ਹਾਂ ਨੂੰ ਫੜ ਕੇ ਗਊਸ਼ਾਲਾ ਵਿੱਚ ਪਹੁੰਚਾਉਣ ਵਿੱਚ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਸੜਕਾਂ ’ਤੇ ਘੁੰਮ ਰਹੀ ਗਊਆਂ ਲੋਕਾਂ ਦੇ ਅਤਿਆਚਾਰ ਦਾ ਸ਼ਿਕਾਰ ਹੋ ਰਹੀਆਂ ਹਨ। ਸ਼ਹਿਰ ਵਿੱਚ ਨਿੱਤ ਦਿਹਾੜੇ ਹਾਦਸੇ ਵਾਪਰ ਰਹੇ ਹਨ ਜਿਸ ਕਾਰਨ ਇਨ੍ਹਾਂ ਵਿੱਚ ਗਊਆਂ ਦੀ ਮੌਤ ਤੋਂ ਇਲਾਵਾ ਉਹ ਜ਼ਖ਼ਮੀ ਹੋ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕੁਝ ਗਊ ਮਾਲਕ ਆਪਣੀ ਦੁੱਧ ਦੇਣ ਵਾਲੀ ਪਸ਼ੂ ਸੜਕਾਂ ’ਤੇ ਖੁੱਲ੍ਹੇ ਛੱਡ ਦਿੰਦੇ ਹਨ ਜਿਨ੍ਹਾਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। ਢਕੋਲੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਕਾਰਵਾਈ ਦਾ ਭਰੋਸਾ ਦੇ ਕੇ ਨੁਕਸਾਨੀ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਲੋਕਾਂ ਨੂੰ ਸ਼ਾਂਤ ਕੀਤਾ।