ਸ਼ਸ਼ੀਪਾਲ ਜੈਨ
ਖਰੜ, 9 ਜੂਨ
ਇੱਥੇ ਅੱਜ ਤਹਿਸੀਲ ਕੰਪਲੈਕਸ ਖਰੜ ਵਿੱਚ ਆਪਣੀਆਂ ਜਾਇਦਾਦਾਂ ਦੀਆਂ ਰਜਿਸਟਰੀਆਂ ਕਰਵਾਉਣ ਆਏ ਲੋਕਾਂ, ਡੀਲਰਾਂ ਅਤੇ ਕੁਝ ਕੌਂਸਲਰਾਂ ਵੱਲੋਂ ਰਜਿਸਟਰੀਆਂ ਕਰਵਾਉਣ ਲਈ ਐੱਨਓਸੀ ਮੰਗੇ ਜਾਣ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡੀਲਰ ਰਵਿੰਦਰ ਸਿੰਘ ਬਿੱਲਾ, ਕੌਂਸਲਰ ਗੋਬਿੰਦਰ ਸਿਘ ਚੀਮਾ, ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਉਹ ਖਰੜ ਤਹਿਸੀਲ ਪਹੁੰਚੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਰਜਿਸਟਰੀਆਂ ਲਈ ਐੱਨਓਸੀ ਦੀ ਲੋੜ ਹੈ। ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਸਬੰਧੀ ਜਾਣੂ ਕਰਵਾਇਆ ਗਿਆ। ਇਸ ਤੋਂ ਭੜਕੇ ਲੋਕਾਂ ਨੇ ਸਰਕਾਰ ਵਿਰੁੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਰੋਸ ਪ੍ਰਗਟਾ ਰਹੇ ਲੋਕਾਂ ਨਾਲ ਖਰੜ ਦੇ ਐੱਸਡੀਐੱਮ ਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੋ-ਤਿੰਨ ਦਿਨ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਉੱਚ ਅਧਿਕਾਰੀਆਂ ਨਾਲ ਗੱਲ ਕਰ ਸਕਣ। ਦੂਜੇ ਪਾਸੇ ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਕੋਈ ਹੱਲ ਨਾ ਹੋਇਆ ਤਾਂ ਉਹ ਸੋਮਵਾਰ ਤੋਂ ਸੰਘਰਸ਼ ਸ਼ੁਰੂ ਕਰਨਗੇ।