ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਅਗਸਤ
ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਕਥਿਤ ਦੁਰਵਿਵਹਾਰ ਤੋਂ ਨਾਰਾਜ਼ ਪਰਿਵਾਰਾਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਅਗਵਾਈ ਹੇਠ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਸਥਾਨਕ ਡੀਐੱਸਪੀ ਨੂੰ ਵੀ ਮੰਗ ਪੱਤਰ ਦਿੱਤਾ।
ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਪ੍ਰਗਟਾਉਂਦੇ ਹੋਏ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ 15 ਅਗਸਤ ਨੂੰ 75ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ, ਪਰ ਸਮਾਗਮ ਵਾਲੇ ਸਥਾਨ ’ਤੇ ਉਪਰੋਕਤ ਪਰਿਵਾਰਾਂ ਦੇ ਮੈਂਬਰਾਂ ਨੂੰ ਮੌਕੇ ’ਤੇ ਤਾਇਨਾਤ ਪੁਲੀਸ ਵਾਲਿਆਂ ਵੱਲੋਂ ਕਥਿਤ ਜ਼ਲੀਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਬਾਬੂ ਸਿੰਘ (ਆਲਮਪੁਰ) ਪੁੱਤਰ ਗੁਰਦੀਪ ਸਿੰਘ ਅਤੇ ਆਜ਼ਾਦੀ ਘੁਲਾਟੀਏ ਅਮਰ ਸਿੰਘ (ਬਦੇਸ਼ ਕਲਾਂ) ਦੇ ਪੋਤਰੇ ਰਜਿੰਦਰ ਸਿੰਘ ਤੇ ਉਸ ਦੇ ਪੁੱਤਰ ਮਨਰਾਜ ਸਿੰਘ ਨੂੰ ਨਾਜਾਇਜ਼ ਤੌਰ ’ਤੇ ਸੀਆਈਏ ਦੀ ਹਿਰਾਸਤ ਵਿੱਚ ਰੱਖਿਆ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਾਰਵਾਈ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।