ਹਰਜੀਤ ਸਿੰਘ
ਡੇਰਾਬੱਸੀ, 9 ਜੁਲਾਈ
ਨਗਰ ਕੌਂਸਲ ਦੇ ਅਧੀਨ ਆਉਣ ਵਾਲੇ ਪਿੰਡ ਮਹਿਮਦਪੁਰ ਦੇ ਵਸਨੀਕ ਕਈ ਦਿਨਾਂ ਤੋਂ ਬਿਜਲੀ-ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਅੱਤ ਦੀ ਗਰਮੀ ਵਿੱਚ ਬਿਨਾਂ ਬਿਜਲੀ-ਪਾਣੀ ਤੋਂ ਉਨ੍ਹਾਂ ਨੂੰ ਸਮਾਂ ਲੰਘਾਉਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਰੋਜ਼ਾਨਾ ਕਾਂਗਰਸੀ ਆਗੂਆਂ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਵਿਕਾਸ ਕਰਨ ਦੇ ਝੂਠੇ ਦਾਅਵੇ ਕੀਤੇ ਜਾਂਦੇ ਹਨ। ਪਰ ਜ਼ਮੀਨੀ ਹਕੀਕਤ ਕੁਝ ਹੋਰ ਵੀ ਬਿਆਨ ਕਰ ਰਹੀ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪਿੰਡ ਵਿੱਚ ਬਿਜਲੀ ਦੀਆਂ ਖਸਤਾਹਾਲ ਤਾਰਾਂ ਨੂੰ ਛੇਤੀ ਬਦਲਿਆ ਜਾਵੇ। ਊਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਛੇਤੀ ਸਮੱਸਿਆ ਦਾ ਹੱਲ ਨਹੀ ਹੋਇਆ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਗੱਲ ਕਰਨ ’ਤੇ ਪਾਵਰਕੌਮ ਦੇ ਐਕਸੀਅਨ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਮਾਮਲਾ ਧਿਆਨ ਵਿੱਚ ਆਉਣ ਮਗਰੋਂ ਪਿੰਡ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਵਾਇਆ ਜਾਏਗਾ।